ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ ਜਾਰੀ
ਸ਼੍ਰੀ ਮੁਕਤਸਰ ਸਾਹਿਬ 10 ਮਈ
ਸ਼੍ਰੀ ਮੁਕਤਸਰ ਸਾਹਿਬ ਦੇ ਵਧੀਕ ਜ਼ਿਲ਼੍ਹਾ ਮੈਜਿਸਟ੍ਰੇਟ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੁਰੱਖਿਆ ਫੋਰਸਾਂ ਤੇ ਲਾਗੂ ਨਹੀਂ ਹੋਵੇਗਾ ਅਤੇ ਮਿਤੀ 31 ਮਈ 2025 ਤੱਕ ਲਾਗੂ ਰਹੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਸੈਨਾ ਵਲੋਂ ਇਹ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਛੋਟੇ ਡਰੋਨ ਉਡਾਏ ਜਾ ਰਹੇ ਹਨ, ਜਿਸ ਕਰਕੇ ਸੈਨਾ ਦਾ ਏਅਰ ਡਿਫੈਂਸ ਸਿਸਟਮ ਗਲਤ ਡਰੋਨਾ ਨੂੰ ਡੀਟੇਕਟ ਕਰਕੇ ਲਾੱਕ ਕਰ ਲੈਂਦਾ ਹੈ। ਇਸ ਨਾਲ ਦੁਸ਼ਮਣ ਦਾ ਡਰੋਨ ਪਹਿਚਾਨਣ ਵਿੱਚ ਦਿੱਕਤ ਆ ਸਕਦੀ ਹੈ ਅਤੇ ਏਅਰ ਡਿਫੈਂਸ ਸਿਸਟਮ ਵੀ ਪ੍ਰਭਾਵਿਤ ਹੁੰਦਾ ਹੈ। ਇਸ ਨਾਲ ਆਮ ਜਨਤਾ ਦੀ ਜਾਨ/ਮਾਲ ਨੂੰ ਖਤਰਾ ਪੈਦਾ ਹੋ ਸਕਦਾ ਹੈ।