ਕੁਦਰਤੀ ਸੋਮਿਆਂ ਦੀ ਸੰਭਾਲ ਲਈ ਮੱਕੀ ਬੀਜਣ ਦੀ ਜ਼ਰੂਰਤ :ਮੁੱਖ ਖੇਤੀਬਾੜੀ ਅਫ਼ਸਰ
ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੁੰ ਪ੍ਰਤੀ ਹੈਕ ਮਿਲਣਗੇ 17500/- ਰੁਪਏ
ਰੋਹਿਤ ਗੁਪਤਾ
ਗੁਰਦਾਸਪੁਰ: 11 ਮਈ 2025 ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਹੇਠੋ ਰਕਬਾ ਕਢ ਕੇ ਮੱਕੀ ਹੇਠ ਰਕਬਾ ਵਧਾਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਬਲਾਕ ਦੀਨਾਨਗਰ ਦੇ ਸਰਹੱਦੀ ਪਿੰਡ ਮਰਾੜਾ ਵਿਚ ਲਗਾਇਆ ਗਿਆ । ਸ੍ਰੀ ਸੁਦੇਸ਼ ਕੁਮਾਰ ਖੇਤੀ ਵਿਸਥਾਰ ਅਫ਼ਸਰ ਦੇ ਪ੍ਰਬੰਧਾਂ ਹੇਠ ਲਗਾਏ ਕੈਂਪ ਦੀ ਪ੍ਰਧਾਨਗੀ ਡਾਕਟਰ ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ ।
ਇਸ ਮੌਕੇ ਡਾਕਟਰ ਬਲਜਿੰਦਰ ਸਿੰਘ ਬੈਂਸ, ਡਾਕਟਰ ਗੁਰਪ੍ਰੀਤ ਸਿੰਘ ਜਰਮਨਜੀਤ ਸਿੰਘ,ਡਾਕਟਰ ਸੰਦੀਪ ਸਿੰਘ ਖ਼ੇਤੀਬਾੜੀ ਅਫਸਰ,ਡਾਕਟਰ ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ, ਪ੍ਰਭਜੀਤ ਕੌਰ,ਸੁਦੇਸ਼ ਕੁਮਾਰ ਖ਼ੇਤੀਬਾੜੀ ਵਿਸਥਾਰ ਅਫ਼ਸਰ ਸਮੇਤ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। ਇਸ ਮੌਕੇ ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ ਤਹਿਤ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਕੀਤੀ ਗਈ।
ਕਿਸਾਨਾਂ ਨੂੰ ਸੰਬੋਧਨ ਕਰਦਿਆ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਾਉਣੀ ਰੁੱਤੇ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਅਨੁਸਾਰ ਜ਼ਿਲਾ ਗੁਰਦਾਸਪੁਰ ਵਿੱਚ 2500 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਕੀਤੀ ਜਾਵੇਗੀ ਅਤੇ ਝੋਨੇ ਦੀ ਬਿਜਾਏ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੁੰ ਪ੍ਰਤੀ ਹੈਕ. 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨਾਂ ਦਸਿਆ ਕਿ ਭਵਿਖ ਦੀ ਖੇਤੀ ਨੂੰ ਟਿਕਾਊ ਬਣਾਉਣ ਅਤੇ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਬਲਾਕ ਦੀਨਾਨਗਰ , ਗੁਰਦਾਸਪੁਰ, ਕਾਹਨੂੰਵਾਨ , ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਵਿਚ 2500 ਹੈਕ ਰਕਬਾ ਝੋਨੇ ਦੀ ਖੇਤੀ ਹੇਠੋਂ ਕਢ ਕੇ ਮੱਕੀ ਦੀ ਕਾਸ਼ਤ ਹੇਠਾਂ ਲਿਆਉਣ ਲਈ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਜੋਂ ਕਿਸਾਨ ਝੋਨੇ ਦੀ ਖੇਤੀ ਕਰਨ ਦੀ ਬਿਜਾਏ ਸਾਉਣੀ ਰੁੱਤ ਵਾਲੀ ਮੱਕੀ ਦੀ ਕਾਸ਼ਤ ਕਰੇਗਾ ,ਉਨਾਂ ਨੁੰ ਪ੍ਰਤੀ ਹੈਕ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਸਿੱਧੇ ਬੈਂਕ ਖਾਤਿਆਂ ਵਿਚ ਦਿੱਤੇ ਜਾਣਗੇ । ਉਨਾਂ ਨੁੰ ਦਸਿਆ ਕਿ ਇਸ ਵਾਰ ਪੰਜਾਬ ਸਰਕਾਰ ਵਲੋਂ ਮੱਕੀ ਦੀ ਖਰੀਦ ਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੱਕੀ ਦੀ ਖਰੀਦ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਮੱਕੀ ਦੀ ਖਰੀਦ ਘੱਟੋ ਘੱਟ ਸਮਰਥਨ ਮੁੱਲ ਤੇ ਕਰਨ ਨੂੰ ਯਕੀਨੀ ਬਣਾਏਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਖ਼ੇਤੀਬਾੜੀ ਅਧਿਕਾਰੀਆਂ ਵਿਚ ਤਾਲਮੇਲ ਵਧਾਉਣ ਲਈ ਪਿੰਡਾਂ ਦੇ 30 ਅਗਾਂਹਵਧੂ ਨੌਜਵਾਨ ਬਤੌਰ ਕਿਸਾਨ ਮਿੱਤਰ ਨਿਯੁਕਤ ਕੀਤੇ ਗਏ ਹਨ ਅਤੇ ਹਰੇਕ ਕਿਸਾਨ ਮਿੱਤਰ ਲਈ ਮੱਕੀ ਦੀ ਕਾਸ਼ਤ ਕਰਨੀ ਜ਼ਰੂਰੀ ਹੋਵੇਗੀ। ਉਨਾਂ ਦਸਿਆ ਕਿ ਉਨਾਂ ਕਿਹਾ ਕਿ ਮੌਸਮੀ ਤਬਦੀਲੀਆਂ ਦਰਮਿਆਨ ਖੇਤੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਕਿਸਾਨਾਂ ਨੂੰ ਮੰਦਹਾਲੀ ਦੇ ਦੌਰ ਵਿੱਚੋਂ ਕੱਢਣ ਲਈ ਬਹੁਤ ਵੱਡੇ ਪੱਧਰ ’ਤੇ ਯਤਨ ਕਰਨ ਦੀ ਲੋੜ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਅਤੇ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਸਮੇਤ ਸਮੇ ਦੇ ਹਾਣੀ ਬਣਾਉਣ ਦੀ ਦਿਸ਼ਾ ਵੱਲ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸੇ ਮੰਤਵ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਹ ਵਿਸ਼ੇਸ਼ ਯੋਜਨਾਬੰਧੀ ਕੀਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਰਵਾਇਤੀ ਖੇਤੀ ਤੋਂ ਹਟਾ ਕੇ ਤਕਨੀਕੀ ਖੇਤੀ ਨਾਲ ਜੋੜਿਆ ਜਾ ਸਕੇ।
ਇਸ ਦੇ ਨਾਲ ਹੀ ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੁਦ ਵੀ ਆਪਣੀ ਫਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਜ਼ਰ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ। ਡਾਕਟਰ ਬਲਜਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਹਰੇਕ ਮੁਸ਼ਕਿਲ ਦਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਫਸਲੀ ਵਿਭਿੰਨਤਾ ਲਿਆਉਣ, ਧਰਤੀ ਹੇਠਲਾ ਪਾਣੀ ਬਚਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ, ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ, ਫਸਲਾਂ ਦੀ ਰਹਿੰਦ ਖੂੰਦ ਦਾ ਅੱਗ ਲਗਾਏ ਬਗੈਰ ਨਿਪਟਾਰਾ ਕਰਨ ਅਤੇ ਚੰਗੇ ਲਾਭ ਵਾਲੀਆਂ ਫਸਲਾਂ ਦੀ ਕਾਸ਼ਤ ਕਰਵਾਉਣ ਲਈ ਖੇਤੀਬਾੜੀ ਵਿਭਾਗ ਦਿਨ ਰਾਤ ਕੰਮ ਕਰ ਰਿਹਾ ਹੈ। ਉਨਾਂ ਨੂੰ ਪੂਰਨ ਉਮੀਦ ਹੈ ਕਿ ਵਿਭਾਗ ਦੇ ਇਹਨਾਂ ਸਾਰਥਿਕ ਯਤਨਾਂ ਦਾ ਕਿਸਾਨਾਂ ਨੂੰ ਭਰਪੂਰ ਫਾਇਦਾ ਹੋਵੇਗਾ। ਡਾਕਟਰ ਜਰਮਨਜੀਤ ਸਿੰਘ ਨੇ ਖੇਤੀ ਜਿਣਸਾਂ ਦੇ ਮੰਡੀਕਰਨ ਅਤੇ ਝੋਨੇ ਦੀ ਕਾਸ਼ਤ ਬਾਰੇ ,ਡਾਕਟਰ ਸੰਦੀਪ ਸਿੰਘ ਨੇ ਮੱਕੀ ਦੀ ਕਾਸ਼ਤ ਬਾਰੇ ਅਤੇ ਡਾਕਟਰ ਦਿਲਰਾਜ ਸਿੰਘ ਨੇ ਪੀ ਐਮ ਕਿਸਾਨ ਸਨਮਾਨ ਨਿਧੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਅਖੀਰ ਵਿੱਚ ਪ੍ਰਭਜੀਤ ਕੌਰ ਨੇ ਆਏ ਮਹਿਮਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।