ਨਸ਼ਾ ਤਸਕਰਾਂ ਵੱਲੋਂ ਬਣਾਈਆਂ ਜਾਇਦਾਦਾਂ ਦੇ ਨਜਾਇਜ ਕਬਜਿਆਂ ਤੇ ਚੱਲਿਆ ਬੁਲਡੋਜਰ
ਨਸ਼ਿਆਂ ਦਾ ਸਫਾਇਆ ਕਰਕੇ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ –ਗਗਨ ਅਜੀਤ ਸਿੰਘ
ਮਾਲੇਰਕੋਟਲਾ 12 ਮਈ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਬੇਰੀਆਂ ਵਾਲੇ ਮੁਹੱਲਾ, ਧੋਬਘਾਟ ਅਤੇ ਭੂਮਸੀ ਵਿਖੇ ਤਿੰਨ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਦੇ ਬਹਾਰ ਕੀਤੇ ਗਏ ਨਜਾਇਜ ਕਬਜਿਆਂ ਨੂੰ ਢਾਇਆ ਗਿਆ।
ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਸਲ ਵੱਲੋਂ ਪੁਲਿਸ ਪ੍ਰਸਾਸ਼ਨ ਨਾਲ ਮਿਲ ਕੇ ਸੋਮਵਾਰ ਨੂੰ ਬਦਨਾਮ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਉਸਾਰੀਆਂ ਢਾਈਆਂ ਗਈਆਂ । ਜਿਸ ਵਿੱਚ ਮੁਹੰਮਦ ਸਮਸ਼ਾਦ ਉਰਫ ਸਾਦੂ ਸਪੁਤਰ ਨਜ਼ੀਰ ਅਹਿਮਦ ਮੁਹੱਲਾ ਬੇਰੀਆ, ਮੁਹੰਮਦ ਸਹਿਜ਼ਾਦ ਉਰਫ ਸਾਜ਼ਾ ਸਪੁੱਤਰ ਨਿਜ਼ਾਮਦੀਨ ਵਾਸੀ ਧੋਬਘਾਟ ਅਤੇ ਮੁਹੰਮਦ ਜ਼ਾਹਿਦ ਪੁੱਤਰ ਮੁਹੰਮਦ ਅਰਸ਼ਦ ਵਾਸੀ ਮੁਹੱਲਾ ਭੂਮਸੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤਾਂ ਦੇ ਬਹਾਰ ਨਜਾਇਜ ਕਬਜਾ ਕੀਤਾ ਹੋਇਆ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਹਨਾਂ ਇਮਾਰਤਾਂ ਤੇ ਪੀਲਾ ਪੰਜਾ ਚਲਾਇਆ ਗਿਆ ਹੈ।
ਉਹਨਾਂ ਹੋਰ ਦੱਸਿਆ ਕਿ ਇੱਕ ਇਮਾਰਤ ਜੋ ਮੁਹੰਮਦ ਸਮਸ਼ਾਦ ਉਰਫ ਸਾਦੂ ਵੱਲੋਂ ਉਸਾਰੀ ਗਈ ਸੀ ਉਸ ਉੱਪਰ 09 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਮੁਹੰਮਦ ਸਹਿਜ਼ਾਦ ਉਰਫ ਸਾਜ਼ਾ ਉਪਰ 04 ਪਰਚੇ ਅਤੇ ਮੁਹੰਮਦ ਜ਼ਾਹਿਦ ਉਪਰ ਇੱਕ ਪਰਚਾ ਦਰਜ ਹੈ। ਐਸ.ਐਸ.ਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ ਹੈ। ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਜ਼ਿਲ੍ਹਾ ਪੁਲਿਸ ਦੀ ਵਚਨਬੱਧਤਾ ਦਹੁਰਾਉਂਦਿਆਂ ਨਾਗਰਿਕਾਂ ਨੂੰ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਉਨ੍ਹਾਂ ਹੋਰ ਕਿਹਾ ਕਿ ਡਰੱਗ ਮਾਫੀਆ ਨੂੰ ਸਖ਼ਤ ਸੰਦੇਸ਼ ਦੇਣ ਲਈ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਲੋਕਾਂ ਵਿੱਚ ਡਰ ਪੈਦਾ ਕਰਨ ਵਿੱਚ ਮਦਦ ਮਿਲੇਗੀ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ 'ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ। ਇਸ ਦੌਰਾਨ ਵਸਨੀਕਾਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਇਸਨੂੰ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਦੱਸਿਆ।
ਇਸ ਮੌਕੇ ਐਸ.ਪੀ.ਸੱਤਪਾਲ ਸ਼ਰਮਾਂ, ਡੀ.ਐਸ.ਪੀ ਕੁਲਦੀਪ ਸਿੰਘ ਤੋਂ ਇਲਾਵਾ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ ਵੀ ਮੌਜੂਦ ਸਨ ।