ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
ਪੰਜਾਬ ਸਰਕਾਰ ਸਮੂਹ ਵਰਗਾਂ ਦੇ ਸਮਾਨਾਂਤਰ ਵਿਕਾਸ ਲਈ ਯਤਨਸ਼ੀਲ: ਡਾ. ਬਲਜੀਤ ਕੌਰ
ਮਲੋਟ, 12 ਮਈ-
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਸਥਾਨਕ ਮੇਨ ਬਾਜ਼ਾਰ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੁਸ਼ਕਿਲਾਂ ਦਾ ਹੱਲ ਕਰਨ ਲਈ ਲੋਕ ਮਿਲਣੀ ਕੀਤੀ।
ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਾਹਮਣੇ ਆਏ ਮਸਲਿਆਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ ਅਤੇ ਕੁਝ ਮਸਲਿਆਂ ਸਬੰਧੀ ਮੌਕੇ ਉੱਤੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਹਨਾਂ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਦੇ ਮਸਲੇ ਉਹਨਾਂ ਦੇ ਦਰਾਂ ਉੱਤੇ ਜਾ ਕੇ ਸੁਲਝਾਏ ਜਾਣ। ਇਸੇ ਕਰ ਕੇ ਹੀ ਲੋਕ ਨੁਮਾਇੰਦਿਆਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਮੂਹ ਵਰਗਾਂ ਦੇ ਸਮਾਨਾਂਤਰ ਵਿਕਾਸ ਲਈ ਯਤਨਸ਼ੀਲ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਸੂਬੇ ਦੇ ਲੋਕਾਂ ਤੇ ਦੇਸ਼ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਮਾਨਦਾਰੀ ਅਤੇ ਪੂਰੇ ਪਾਰਦਰਸ਼ੀ ਢੰਗ ਨਾਲ ਵਿਕਾਸ ਪ੍ਰੋਜੈਕਟ ਅਤੇ ਭਲਾਈ ਸਕੀਮਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰਾਂ ‘ਤੇ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈਆਂ ਤੋਂ ਇਲਾਵਾ ਇਸ ਕਾਲੇ ਕਾਰੋਬਾਰ ਨਾਲ ਖੜ੍ਹੀਆਂ ਕੀਤੀਆਂ ਇਮਾਰਤਾਂ ਨੂੰ ਵੀ ਢਾਹਿਆ ਜਾ ਰਿਹਾ ਹੈ।