ਗੁਰਦਾਸਪੁਰ ਦੇ ਵਸਨੀਕਾਂ ਨੇ ਭ੍ਰਿਸ਼ਟਾਚਾਰ ਵਿਰੁਧ ਕਾਰਵਾਈ ਕਰਨ ਲਈ ਪੁਲਿਸ ਨੂੰ ਸ਼ਾਬਾਸ਼ੀ ਦਿੱਤੀ
ਵਿਧਾਇਕ ਪਾਹੜਾ ਵੱਲੋਂ ਭ੍ਰਿਸ਼ਟਾਚਾਰ ਨੂੰ ਸ਼ਹਿ ਦੇਣਾ ਬਹੁਤ ਮੰਦਭਾਗਾ - ਹਲਕਾ ਨਿਵਾਸੀ,ਕਿਹਾ, ਕਾਂਗਰਸੀ ਆਗੂ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਆਉਣ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਵਿੱਚ ਰੁਕਾਵਟ ਨਾ ਬਣਨ
ਰੋਹਿਤ ਗੁਪਤਾ
ਗੁਰਦਾਸਪੁਰ, 13 ਮਈ - ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਸੁਰਿੰਦਰ ਸ਼ਰਮਾਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਭ੍ਰਿਸ਼ਟਾਚਾਰ ਨੂੰ ਸ਼ਹਿ ਦੇਣ ਵਾਲੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਖ਼ਿਲਾਫ਼ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਵੱਲੋਂ ਅੱਜ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਗੁਰਦਾਸਪੁਰ ਹਲਕੇ ਦੇ ਵਸਨੀਕਾਂ ਨੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਸੁਰਿੰਦਰ ਸ਼ਰਮਾ ਖ਼ਿਲਾਫ਼ ਦਰਜ ਹੋਏ ਪਰਚੇ ਵਿੱਚ 420 ਅਤੇ 307 ਵਰਗੀਆਂ ਧਾਰਾਵਾਂ ਵੀ ਜੋੜੀਆਂ ਜਾਣ ਤਾਂ ਜੋ ਭ੍ਰਿਸ਼ਟਾਚਾਰ ਕਰਨ ਵਾਲੇ ਅਤੇ ਦੁੱਧ ਵਿੱਚ ਮਿਲਾਵਟ ਕਰਕੇ ਲੋਕਾਂ ਦੀ ਜਾਨ ਨਾਲ ਖੇਡਣ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾ ਸਕੇ।
ਰੋਸ ਮੁਜ਼ਾਹਰਾ ਕਰਦਿਆਂ ਪਿੰਡ ਭੰਗਵਾਂ ਦੇ ਸਰਪੰਚ ਰਾਜੇਸ਼ ਕੁਮਾਰ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਦਾ ਖ਼ਾਸਮ-ਖ਼ਾਸ ਸੁਰਿੰਦਰ ਸ਼ਰਮਾ ਜੋ ਕਿ ਮਿਲਕ ਪਲਾਂਟ ਗੁਰਦਾਸਪੁਰ ਦਾ ਚੇਅਰਮੈਨ ਹੁੰਦੇ ਹੋਏ ਵੱਡੀ ਧਾਂਦਲੀ ਕਰ ਰਿਹਾ ਸੀ ਅਤੇ ਪਿੰਡ ਗੁਣੀਆਂ ਦੇ ਵਸਨੀਕਾਂ ਵੱਲੋਂ ਦਿੱਤੀ ਸ਼ਿਕਾਇਤ ਦੇ ਅਧਾਰ 'ਤੇ ਸਹਿਕਾਰਤਾ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਜਾਂਚ ਕਰਕੇ ਦੋਸ਼ ਸਾਬਤ ਹੋਣ ਤੋਂ ਬਾਅਦ ਪਰਚਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਇਸ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਵਿੱਚ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਸੀ ਪਰ ਇਸ ਤੋਂ ਉਲਟ ਵਿਧਾਇਕ ਪਾਹੜਾ ਵੱਲੋਂ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਧਰਨੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਵੱਲੋਂ ਭ੍ਰਿਸ਼ਟਾਚਾਰੀ ਦੇ ਹੱਕ ਵਿੱਚ ਖੜ੍ਹਨਾ ਉਸਦੀ ਭ੍ਰਿਸ਼ਟ ਸੋਚ ਨੂੰ ਜ਼ਾਹਿਰ ਕਰਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰੀ ਨਾਲ ਕਿਸੇ ਵੀ ਤਰਾਂ ਦੀ ਨਰਮਾਈ ਨਹੀਂ ਕੀਤੀ ਜਾਣੀ ਚਾਹੀਦੀ।
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਨੀਰਜ ਸਲਹੋਤਰਾ ਨੇ ਕਿਹਾ ਕਿ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੱਲੋਂ ਇੱਕ ਭ੍ਰਿਸ਼ਟਾਚਾਰੀ ਨੂੰ ਬਚਾਉਣ ਦੀ ਕਾਰਵਾਈ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪਾਹੜਾ ਨੂੰ ਤਾਂ ਸਗੋਂ ਅਜਿਹੇ ਵਿਅਕਤੀ ਜਿਸ ਨੇ ਭ੍ਰਿਸ਼ਟਾਚਾਰ ਕਰਨ ਦੇ ਨਾਲ ਦੁੱਧ ਵਿੱਚ ਮਿਲਾਵਟ ਕਰਕੇ ਕਈ ਜ਼ਿੰਦਗੀਆਂ ਨਾਲ ਖਿਲਵਾੜ ਕੀਤੇ ਹੋਏ, ਦੇ ਖ਼ਿਲਾਫ਼ ਪੁਲਿਸ ਨੂੰ ਸਹਿਯੋਗ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਲੋਕ ਸਭ ਦੇਖ ਤੇ ਸਮਝ ਰਹੇ ਹਨ ਕਿ ਕਾਂਗਰਸ ਪਾਰਟੀ ਦੇ ਆਗੂ ਕਿਵੇਂ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਨੂੰ ਏਵੇਂ ਹੀ ਜਾਰੀ ਰੱਖੇ ਅਤੇ ਇਸ ਮਸਲੇ ਦੀ ਹੋਰ ਬਰੀਕੀ ਨਾਲ ਜਾਂਚ ਕਰਕੇ ਇਸਦੇ ਹੋਰ ਦੋਸ਼ੀਆਂ ਨੂੰ ਵੀ ਕਾਨੂੰਨ ਦੇ ਦਾਇਰੇ ਵਿੱਚ ਲਿਆਏ।
ਇਸ ਮੌਕੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਆਗੂਆਂ ਵੱਲੋਂ ਐੱਸ.ਐੱਸ.ਪੀ. ਦਫ਼ਤਰ ਗੁਰਦਾਸਪੁਰ ਜਾ ਕੇ ਪੁਲਿਸ ਦੀ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਆਉਣ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਵਿੱਚ ਰੁਕਾਵਟ ਨਾ ਪਾਉਣ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਕਾਂਗਰਸ ਪਾਰਟੀ ਅਤੇ ਵਿਧਾਇਕ ਪਾਹੜਾ ਦੇ ਵਿਰੋਧ ਵਿੱਚ ਜਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਲੋਕਾਂ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਕਰਨ ਲਈ ਪੁਲਿਸ ਅਫ਼ਸਰਾਂ ਨੂੰ ਸ਼ਾਬਾਸ਼ੀ ਵੀ ਦਿੱਤੀ।