"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਹਾਂ ਪੱਖੀ ਨਤੀਜੇ ਸਾਹਮਣੇ ਆਏ - ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਪਿਛਲੇ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕਰਕੇ 398 ਕਿੱਲੋਗਰਾਮ ਹੈਰੋਇਨ, 186 ਕਿੱਲੋਗਰਾਮ ਅਫ਼ੀਮ ਤੇ 8.5 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 13 ਮਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਏ ਗਏ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਹਾਂ ਪੱਖੀ ਨਤੀਜੇ ਸਾਹਮਣੇ ਆ ਰਹੇ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪਿਛਲੇ 72 ਦਿਨਾਂ ਵਿੱਚ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 6280 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 10444 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ ਜਿਸ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਹੈ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਪੁਲਿਸ ਟੀਮਾਂ ਨੇ ਬੀਤੇ 72 ਦਿਨਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 398 ਕਿੱਲੋਗਰਾਮ ਹੈਰੋਇਨ, 186 ਕਿੱਲੋਗਰਾਮ ਅਫ਼ੀਮ, 117 ਕੁਇੰਟਲ ਭੁੱਕੀ, 8 ਕਿੱਲੋਗਰਾਮ ਚਰਸ, 135 ਕਿੱਲੋਗਰਾਮ ਗਾਂਜਾ, 2.5 ਕਿੱਲੋਗਰਾਮ ਆਈਸੀਈ, 1.2 ਕਿੱਲੋਗਰਾਮ ਕੋਕੀਨ, 23.57 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8.58 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ 'ਡੀਐਡਿਕਸ਼ਨ' ਹਿੱਸੇ ਵਜੋਂ 104 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਹੈ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।