ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆ ਮੌਤਾਂ ਲਈ ਜਿੰਮੇਵਾਰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ
- ਆਰਐਮਪੀਆਈ ਵੱਲੋਂ ਇਨ੍ਹਾਂ ਦੀ ਪਿੱਠ 'ਤੇ ਖੜ੍ਹੇ ਰਸੂਖਵਾਨਾਂ ਅਤੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤੇ ਜਾਣ ਦੀ ਜ਼ੋਰਦਾਰ ਮੰਗ
ਦਲਜੀਤ ਕੌਰ
ਚੰਡੀਗੜ੍ਹ/ਜਲੰਧਰ; 13 ਮਈ, 2025: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਨੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਮਜੀਠਾ ਵਿਖੇ ਦਰਜਨਾਂ ਵਿਅਕਤੀਆਂ ਦੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਜਾਣ ਦੀ ਦੁਖਦਾਈ ਘਟਨਾ 'ਤੇ ਡੂੰਘਾ ਰੋਸ ਜਾਹਿਰ ਕਰਦਿਆਂ ਪਾਰਟੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਵੇਦਨਾਵਾਂ ਸਾਂਝੀਆਂ ਕੀਤੀਆਂ ਹਨ।
ਰਾਜ ਕਮੇਟੀ ਦੇ ਪ੍ਰਧਾਨ ਤੇ ਸਕੱਤਰ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ ਨੇ ਉਕਤ ਮਕਸਦ ਦਾ ਬਿਆਨ ਜਾਰੀ ਕਰਦਿਆਂ ਇਨ੍ਹਾਂ ਮੌਤਾਂ ਲਈ ਜਿੰਮੇਵਾਰ ਦੋਸ਼ੀਆਂ ਅਤੇ ਇਨ੍ਹਾਂ ਦੀ ਪਿੱਠ 'ਤੇ ਖੜ੍ਹੇ ਰਸੂਖਵਾਨਾਂ ਖਿਲਾਫ ਸਖ਼ਤ ਕਾਰਵਾਈ ਕੀਤੇ ਜਾਣ ਅਤੇ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤੇ ਜਾਣ ਦੀ ਜ਼ੋਰਦਾਰ ਮੰਗ ਕੀਤੀ ਹੈ।
ਰੰਧਾਵਾ ਅਤੇ ਜਾਮਾਰਾਏ ਨੇ ਕਿਹਾ ਹੈ ਕਿ ਉਕਤ ਦਰਦਨਾਕ ਵਾਰਦਾਤ ਨੇ ਸੂਬੇ ਦੀ 'ਆਪ' ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦੀ ਸਫਲਤਾ ਦੇ ਬੜਬੋਲੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਹੜੀ ਸਰਕਾਰ ਤੇ ਅਫਸਰਸ਼ਾਹੀ ਨਾਜਾਇਜ ਸ਼ਰਾਬ ਦੇ ਧੰਦੇ ਨੂੰ ਠਲ੍ਹ ਨਹੀਂ ਪਾ ਸਕਦੇ, ਉਨ੍ਹਾਂ ਤੋਂ ਤਸਕਰੀ ਦੇ ਧੁਰ ਹੇਠਾਂ ਤੱਕ ਫੈਲ ਚੁੱਕੇ ਨਾਪਾਕ ਧੰਦੇ ਨੂੰ ਨੱਥ ਪਾਉਣ ਦੀ ਆਸ ਕਰਨੀ ਉੱਕਾ ਹੀ ਫਜ਼ੂਲ ਹੈ।
ਪਾਰਟੀ ਆਗੂਆਂ ਨੇ ਪੰਜਾਬ ਵਾਸੀਆਂ ਨੂੰ ਉਕਤ ਘਟਨਾ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀਆਂ ਸਜ਼ਾਵਾਂ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ ਮੁਆਵਜਾ ਦਿਵਾਉਣ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਨ ਅਤੇ ਨਸ਼ਾ ਤਸਕਰੀ ਦੇ ਖਾਤਮੇ ਲਈ ਵਿਸ਼ਾਲ ਲੋਕ ਲਾਮਬੰਦੀ ਕਰਨ ਤੇ ਬੱਝਵੇਂ ਘੋਲ ਵਿੱਢਣ।