Breaking: ਭਗਵੰਤ ਮਾਨ ਵੱਲੋਂ ਬੁੱਢਾ ਨਾਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਐਲਾਨ
ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨਾਲ ਤਰੱਕੀ ਨੂੰ ਰਫਤਾਰ ਦੇ ਰਹੇ ਹਾਂ: ਮੁੱਖ ਮੰਤਰੀ
ਲੁਧਿਆਣਾ, 14 ਮਈ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਤੇਜ਼ ਆਰਥਿਕ ਵਿਕਾਸ ਦੇ ਪੰਧ ਉਤੇ ਪਾਉਣ ਲਈ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਸ਼਼ੁਰੂ ਕਰ ਕੇ ਇਤਿਹਾਸ ਰਚਿਆ ਹੈ।
ਇੱਥੇ 13 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਦੇ ਨਿਰਮਾਣ ਕਰਨ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਜਵਾਬਦੇਹੀ ਯਕੀਨੀ ਬਣਾ ਕੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਕ ਪਾਸੇ ਵੱਡੇ ਜਨਤਕ ਹਿੱਤਾਂ ਅਤੇ ਦੂਜੇ ਪਾਸੇ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੁਲਾਰਾ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ ਉਲੀਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ।
ਬੁੱਢੇ ਨਾਲੇ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਹੈ। ਗੁਰਬਾਣੀ ਵਿੱਚੋਂ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦੇ ਬਰਾਬਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਦੂਸ਼ਣ ਘਟਾਉਣ ਅਤੇ ਸੂਬੇ ਨੂੰ ਸਾਫ਼, ਹਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ `ਤੇ ਚੱਲ ਰਹੀ ਹੈ।
ਨੌਜਵਾਨਾਂ ਨੂੰ ਵੱਧ ਅਧਿਕਾਰ ਦੇਣ ਲਈ ਅਹਿਮ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਵਿੱਚ ਅੱਠ ਯੂ.ਪੀ.ਐਸ.ਸੀ. ਕੋਚਿੰਗ ਸੈਂਟਰ ਸਥਾਪਤ ਕਰਨ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚੋਂ ਇਕ ਸੈਂਟਰ ਲੁਧਿਆਣਾ ਵਿੱਚ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਸੈਂਟਰ ਵਿੱਚ ਇਕ ਲਾਇਬ੍ਰੇਰੀ, ਹੋਸਟਲ ਅਤੇ ਹੋਰ ਜ਼ਰੂਰੀ ਸਹੂਲਤਾਂ ਹੋਣਗੀਆਂ ਤਾਂ ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮਿਆਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਦੇ ਨੌਜਵਾਨ ਕੌਮੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਚੰਗੀ ਤਰ੍ਹਾਂ ਤਿਆਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ ਹੁੰਦੀ ਹੈ ਪਰ ਇਨ੍ਹੀਂ ਦਿਨੀਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦਾ ਰੁਝਾਨ ਬਣ ਗਿਆ ਹੈ। ਇਕ ਬਾਗ਼ ਦੀ ਉਦਾਹਰਣ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ, ਜੋ ਹਮੇਸ਼ਾ ਲੋਕਾਂ ਨੂੰ ਆਕਰਸ਼ਿਤ ਕਰਦੇ ਹਨ ਅਤੇ ਲੋਕ ਇਨ੍ਹਾਂ ਨੂੰ ਦੇਖਣਾ ਪਸੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੋਕਤੰਤਰ ਵਿੱਚ ਹਰ ਕਿਸੇ ਦੀ ਆਵਾਜ਼ ਅਹਿਮ ਹੈ, ਜਿਸ ਕਾਰਨ ਸਾਡੀ ਸਰਕਾਰ ਹਰ ਸ਼ਹਿਰ ਜਾਂ ਪਿੰਡ ਨੂੰ ਵਿਕਾਸ ਲਈ ਫੰਡ ਵੰਡਦੇ ਸਮੇਂ ਕੋਈ ਫ਼ਰਕ ਨਹੀਂ ਕਰਦੀ।