ਨਰਮਾ ਬੀਜਣ ਵਾਲੇ ਕਿਸਾਨਾਂ ਲਈ ਸਰਕਾਰ ਵੱਲੋਂ ਵਿਸ਼ੇਸ਼ ਸਹਾਇਤਾ
ਬੀਜ ਤੇ ਦਿੱਤੀ ਜਾ ਰਹੀ ਹੈ ਸਬਸਿਡੀ-ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਫਾਜਿਲ਼ਕਾ, 15 ਮਈ 2025- ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਤੇ ਫ਼ਸਲੀ ਵਿਭਿੰਨਤਾ ਅਧੀਨ ਨਰਮਾ ਪੱਟੀ ਵਾਲੇ ਜ਼ਿਲ੍ਹਿਆਂ ਵਿੱਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਨਰਮੇਂ ਦੇ ਬੀ.ਟੀ. ਬੀਜ਼ ਤੇ ਬੀਜ਼ ਦੀ ਕੁੱਲ ਕੀਮਤ ਦਾ 33 ਪ੍ਰਤੀਸ਼ਤ ਹਿੱਸਾ ਸਬਸਿਡੀ ਦਿੱਤੀ ਜਾ ਰਹੀ ਹੈ। ਇੱਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਬੀ.ਟੀ. ਬੀਜ਼ ਦੇ ਪੈਕੇਟਾਂ ਤੇ ਹੀ ਸਬਸਿਡੀ ਮਿਲੇਗੀ। ਇਹ ਸਬਸਿਡੀ ਕੇਵਲ ਪੀ.ਏ.ਯੂ. ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਤੇ ਹੀ ਮਿਲੇਗੀ।
ਉਨ੍ਹਾਂ ਨੇ ਕਿਹਾ ਕਿ ਨਰਮੇ ਦੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਪ੍ਰਾਪਤ ਕਰਨ ਲਈ www.agrimachinerypb.com ਪੋਰਟਲ ਉਪਰ 31 ਮਈ ਤੱਕ ਅਪਲਾਈ ਕਰ ਸਕਦੇ ਹਨ। ਸਬਸਿਡੀ ਲਈ ਅਪਲਾਈ ਕਰਨ ਸਮੇਂ ਜੇਕਰ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ, ਖੇਤੀਬਾੜੀ ਵਿਕਾਸ/ ਵਿਸਥਾਰ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਵਿਧਾਇਕ ਨੇ ਇਲਾਕੇ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੇ ਇਲਾਕੇ ਵਿਚ ਨਰਮੇ ਦੀ ਫਸਲ ਬਹੁਤ ਹੁੰਦੀ ਹੈ ਅਤੇ ਸਰਕਾਰ ਵੱਲੋਂ ਨਰਮੇ ਦੀ ਫਸਲ ਨੂੰ ਉਤਸਾਹਿਤ ਕਰਨ ਲਈ ਬੀਜ ਤੇ ਸਬਸਿਡੀ ਸਕੀਮ ਸ਼਼ੁਰੂ ਕੀਤੀ ਗਈ ਹੈ। ਇਸ ਲਈ ਕਿਸਾਨ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਅਤੇ ਨਰਮੇ ਦੀ ਬਿਜਾਈ ਕਰਨ।