ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ
ਅਸ਼ੋਕ ਵਰਮਾ
ਬਠਿੰਡਾ,15 ਮਈ 2025: ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਕੇਂਦਰੀ ਟਰੇਡ ਯੂਨੀਅਨਾਂ ਦੇ 20 ਮਈ ਦੀ ਦੇਸ਼ ਵਿਆਪੀ ਹੜਤਾਲ ਦੇ ਸੱਦੇ ਨੂੰ ਕਾਮਯਾਬ ਕਰਨ ਦੀ ਤਿਆਰੀ ਵਜੋਂ ਗੇਟ ਰੈਲੀ ਕੀਤੀ ਹੈ। ਇਸ ਮੌਕੇ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ,ਮੀਤ ਪ੍ਰਧਾਨ ਨਾਇਬ ਸਿੰਘ ਅਤੇ ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਿਸ਼ਵ ਵਪਾਰ ਸੰਸਥਾ ਅਤੇ ਵਿਸ਼ਵ ਬੈਂਕ ਦੇ ਨਿਰਦੇਸ਼ਾਂ ਤੇ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲੇ ਵੱਖ ਵੱਖ ਅਦਾਰਿਆਂ ਦਾ ਨਿੱਜੀਕਰਨ ਕਰ ਰਹੀ ਹੈ ਜੋ ਕਿ ਚਿੰਤਾਜਨਕ ਹੈ। ਉਹਨਾਂ ਕਿਹਾ ਕਿ ਸਰਕਾਰਾਂ ਦਾ ਇਹ ਫੈਸਲਾ ਇਨਾ ਲੋਕ ਮਾਰੂ ਹੈ ਕਿ ਆਮ ਲੋਕ ਇਹਨਾਂ ਕੰਪਨੀਆਂ ਦੇ ਬੰਧੂਆ ਮਜ਼ਦੂਰ ਬਣ ਕੇ ਰਹਿ ਜਾਣਗੇ।
ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੀ ਲੋਕਾਂ ਦੀ ਬੋਲਣ ਦੀ ਆਜ਼ਾਦੀ ਖੋਹਣ ਅਤੇ ਹੋਰ ਵੱਖ ਵੱਖ ਪਾਬੰਦੀਆਂ ਲਾਉਣ ਦੇ ਰਾਹ ਪਈ ਹੋਈ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਤਨਦੇਹੀ ਨਾਲ ਨਿਗੁਣੀਆਂ ਤਨਖਾਹਾਂ ਤਹਿਤ ਸੇਵਾਵਾਂ ਨਿਭਾ ਰਹੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਤੱਕ ਕੀ ਕਰਨਾ ਸੀ ਬਲਕਿ ਉਹਨਾਂ ਨੂੰ ਵੱਖ-ਵੱਖ ਕਮੇਟੀਆਂ ਚੋਂ ਉਲਝਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਠੇਕਾ ਮੁਲਾਜ਼ਮ ਹੁਣ ਕਿਰਤ ਦੀ ਹੁੰਦੀ ਲੁੱਟ ਖਿਲਾਫ ਉੱਠ ਖਲੋਤੇ ਹਨ ਅਤੇ ਸਰਕਾਰ ਦੀਆਂ ਨੀਤੀਆਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ । ਆਗੂਆਂ ਨੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਕੇਂਦਰੀ ਟਰੇਡ ਯੂਨੀਅਨ ਵੱਲੋਂ ਦਿੱਤੇ ਗਏ ਸੱਦੇ ਦੇ ਅਧਾਰ ਤੇ ਹੋਣ ਵਾਲੀ 20 ਮਈ ਦੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਅਤੇ ਇਸ ਦੀਆਂ ਤਿਆਰੀਆਂ ਲਈ ਜੁਟਣ ਦਾ ਸੱਦਾ ਵੀ ਦਿੱਤਾ।
ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ/ਅੱਜ ਦੀ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸਚਿਤ ਕੀਤੀ ਜਾਵੇ,ਠੇਕਾ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ਉਪਰੰਤ ਘੱਟੋ-ਘੱਟ 10 ਲੱਖ ਰੁਪਏ ਗੁਜ਼ਾਰਾ ਭੱਤਾ ਦਿੱਤਾ ਜਾਵੇ,ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਰੈਗੂਲਰ/ਸੇਵਾ ਮੁਕਤ ਮੁਲਾਜ਼ਮਾਂ/ਕਿਸਾਨਾਂ-ਮਜਦੂਰਾਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਪ੍ਰਵਾਨ ਕੀਤਾ ਜਾਵੇ ।