ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ
- ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਹਰਦੋਵਾਲ ਖੁਰਦ, ਹਰਦੋਵਾਲ ਕਲਾਂ ਅਤੇ ਸਮਰਾਏ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਲਈ ਲੋਕਾਂ ਦਾ ਸਾਥ ਮੰਗਿਆ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 16 ਮਈ 2025 - ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ `ਯੁੱਧ ਨਸ਼ਿਆਂ ਵਿਰੁੱਧ` ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ਼ ਅਲਖ ਜਗਾਉਂਦੀ ਇਹ ਯਾਤਰਾ ਅੱਜ ਹਲਕੇ ਦੇ ਪਿੰਡ ਹਰਦੋਵਾਲ ਖੁਰਦ, ਹਰਦੋਵਾਲ ਕਲਾਂ ਅਤੇ ਸਮਰਾਏ ਵਿਖੇ ਪਹੁੰਚੀ। ਇਸ ਮੌਕੇ ਉਨਾਂ ਦੇ ਨਾਲ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਗੁਰਮੰਦਰ ਸਿੰਘ, ਡੀ.ਐੱਸ.ਪੀ. ਸ. ਜੋਗਾ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਦੌਰਾਨ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ `ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ `ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ। ਉਨਾਂ ਕਿਹਾ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਨਸ਼ਾ ਛੁੜਾਉਣ ਲਈ ਮੁਫ਼ਤ ਇਲਾਜ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਸਰਬਪੱਖੀ ਵਿਕਾਸ ਲਈ ਯਤਨ ਅਰੰਭੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਜਰੀਏ ਕਰੋੜਾਂ ਰੁਪਏ ਖਰਚ ਕਰਕੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਸਹਾਈ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ ਅਤੇ ਹੁਣ ਤੱਕ 56 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ `ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਖੇਡ ਮੈਦਾਨ ਵੀ ਤਿਆਰ ਕੀਤੇ ਜਾਣਗੇ। ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਤਿੰਨਾਂ ਪਿੰਡਾਂ ਦੇ ਵਸਨੀਕਾਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।
ਇਸ ਮੌਕੇ ਪਿੰਡ ਹਰਦੋਵਾਲ ਖੁਰਦ, ਹਰਦੋਵਾਲ ਕਲਾਂ ਅਤੇ ਸਮਰਾਏ ਦੇ ਵਸਨੀਕਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਰਾਜ ਸਰਕਾਰ ਦੇ ਨਾਲ ਹਨ ਅਤੇ ਉਹ ਸਾਰੇ ਮਿਲ ਇਸ ਯੁੱਧ ਨੂੰ ਫ਼ਤਹਿ ਕਰਨਗੇ।