ਨਸ਼ਿਆਂ ਤੋਂ ਮੁਕਤ ਹੋਏ ਪਿੰਡ ਲੰਗੜੋਆ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ
ਲੰਗੜੋਆ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ), 16 ਮਈ 2025 - ਕਿਸੇ ਸਮੇਂ ਨਸ਼ਿਆਂ ਦੇ ਕੇਂਦਰ ਵਜੋਂ ਜਾਣੇ ਜਾਂਦੇ ਪਿੰਡ ਲੰਗੜੋਆ ਨੂੰ ਹੁਣ ਨਸ਼ਾ ਮੁਕਤ ਪਿੰਡ ਹੋਣ ਦਾ ਮਾਣ ਹਾਸਲ ਹੋਇਆ ਹੈ। ਇਸ ਪਿੰਡ ਦੇ ਵਸਨੀਕਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਦੀ ਇਤਿਹਾਸਕ ਪਹਿਲਕਦਮੀ ਕਰਨ ਲਈ ਭਰਵੀਂ ਸ਼ਲਾਘਾ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਪਿੰਡ ਵਾਸੀ ਜਥੇਦਾਰ ਰਣਜੀਤ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਨੇ ਪਿੰਡ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ 'ਰੰਗਲਾ ਪੰਜਾਬ' ਵੱਲ ਵੱਡੀ ਪੁਲਾਂਘ ਹੈ ਕਿਉਂਕਿ ਉਨ੍ਹਾਂ ਦੇ ਪਿੰਡ ਨੂੰ ਨਸ਼ਾ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਪਿੰਡ ਪ੍ਰਗਤੀਸ਼ੀਲ ਬਣੇਗਾ।
ਪਿੰਡ ਦੀ ਇਕ ਹੋਰ ਵਸਨੀਕ ਵੰਸ਼ਿਕਾ ਸੋਨੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੇ ਪਲ ਹਨ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਿੰਡ ਨਸ਼ਿਆਂ ਦਾ ਕੇਂਦਰ ਹੁੰਦਾ ਸੀ ਪਰ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਿੰਡ ਨੂੰ ਨਸ਼ਾ ਮੁਕਤ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਦੇ ਪਿੰਡ ਵਿੱਚ ਨਸ਼ਿਆਂ ਦੀ ਮੁਫ਼ਤ ਵਿਕਰੀ ਹੁੰਦੀ ਸੀ, ਹੁਣ ਇਹ ਪਿੰਡ ਖੇਡਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਨਸ਼ਾ ਤਸਕਰਾਂ ਵਿਰੁੱਧ ਬੁਲਡੋਜ਼ਰ ਮੁਹਿੰਮ ਚਲਾਉਣ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਇਕ ਹੋਰ ਪਿੰਡ ਵਾਸੀ ਮਾਸਟਰ ਮੋਹਨ ਲਾਲ ਨੇ ਕਿਹਾ ਕਿ ਇਹ ਪਿੰਡ ਪਿਛਲੇ ਛੇ ਦਹਾਕਿਆਂ ਤੋਂ ਨਸ਼ਿਆਂ ਲਈ ਬਦਨਾਮ ਸੀ ਪਰ ਹੁਣ ਹਾਲਾਤ ਬਦਲ ਗਏ ਹਨ ਕਿਉਂਕਿ ਹੁਣ ਇੱਥੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਨਾਲ ਸੂਬੇ ਵਿੱਚ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਇਹ ਪਿੰਡ ਹੁਣ ਨਸ਼ਾ ਮੁਕਤ ਹੈ ਕਿਉਂਕਿ ਪੁਲਿਸ ਸੂਬਾ ਸਰਕਾਰ ਦੇ ਨਿਰਦੇਸ਼ਾਂ 'ਤੇ ਇਸ ਅਲਾਮਤ ਦੇ ਖਾਤਮੇ ਲਈ ਬਹੁਤ ਚੌਕਸ ਹੈ।
ਪਿੰਡ ਦੇ ਇਕ ਹੋਰ ਵਸਨੀਕ ਮੋਹਨ ਸਿੰਘ ਨੇ ਕਿਹਾ ਕਿ ਪਿੰਡ ਲੰਗੜੋਆ ਲੰਬੇ ਸਮੇਂ ਤੋਂ ਨਸ਼ਿਆਂ ਦੇ ਸਰਾਪ ਦਾ ਸਾਹਮਣਾ ਕਰ ਰਿਹਾ ਸੀ ਪਰ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਅੱਜ ਨਸ਼ਾ ਮੁਕਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸਾਡਾ ਪਿੰਡ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿਉਂਕਿ ਇਹ ਮੁਹਿੰਮ ਲੋਕ ਲਹਿਰ ਵਿੱਚ ਬਦਲ ਗਈ ਹੈ।
ਇਕ ਸਕੂਲੀ ਵਿਦਿਆਰਥੀ ਯੁਵਰਾਜ ਸਿੰਘ ਨੇ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਅਤੇ ਪਿੰਡ ਵਿੱਚੋਂ ਨਸ਼ਿਆਂ ਦੇ ਸਫਾਏ ਲਈ ਝਾੜੂ, ਜੋ ਕਿ 'ਆਪ' ਦਾ ਚੋਣ ਨਿਸ਼ਾਨ ਹੈ, ਦੀ ਸਮਝਦਾਰੀ ਨਾਲ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਪੂਰੀ ਤਰ੍ਹਾਂ ਸੂਬਾ ਸਰਕਾਰ ਦੇ ਨਾਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਤੋਂ ਪਹਿਲਾਂ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਫੈਸਲਾਕੁੰਨ ਜੰਗ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਇਸ ਬੁਰਾਈ ਨੂੰ ਖ਼ਤਮ ਕਰਨ ਵਿੱਚ ਬਹੁਤ ਮਦਦ ਕਰੇਗੀ। ਸਰਪੰਚ ਨੇ ਕਿਹਾ ਕਿ ਉਨ੍ਹਾਂ ਦਾ ਪਿੰਡ ਨਸ਼ਿਆਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਸੀ ਅਤੇ ਸੂਬਾ ਭਰ ਵਿੱਚ ਬਦਨਾਮ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਰਗਰਮ ਸਹਿਯੋਗ ਨਾਲ ਅੱਜ ਸਾਡਾ ਪਿੰਡ ਨਸ਼ਾ ਮੁਕਤ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਬਿਆਨਬਾਜ਼ੀ ਹੀ ਨਹੀਂ ਸਗੋਂ ਜ਼ਮੀਨੀ ਪੱਧਰ 'ਤੇ ਸੂਬਾ ਸਰਕਾਰ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਸੰਤੋਸ਼ ਕਟਾਰੀਆ ਅਤੇ ਹੋਰ ਆਗੂ ਵੀ ਮੌਜੂਦ ਸਨ।