ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਹੁਣ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹੈ
ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਲੋਕਾਂ ਨੂੰ ਪਹਿਰੇਦਾਰ ਵਜੋਂ ਕੰਮ ਕਰਨ ਦੀ ਅਪੀਲ
* ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਹੁਤ ਹੀ ਸੁਚੱਜੇ ਅਤੇ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਗਿਆ: ਮੁੱਖ ਮੰਤਰੀ
* ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇ ਵਿਰੋਧੀ ਧਿਰ ਸੱਤਾ ਵਿੱਚ ਆਈ ਤਾਂ ਸੂਬੇ ‘ਚ ਨਸ਼ਿਆਂ ਦੀ ਸਮੱਸਿਆ ਮੁੜ ਪੈਰ ਪਸਾਰੇਗੀ
ਲਖਨਪਾਲ (ਜਲੰਧਰ), 16 ਮਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ।
ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ‘ਚ ਸਹੁੰ ਚੁਕਾਉਣ ਲਈ ਰੱਖੇ ਗਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਲੋਕ ਕਹਿ ਰਹੇ ਹਨ ਕਿ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਬਾਅਦ ਪਿੰਡਾਂ ਵਿੱਚ ਹਾਲਾਤ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਫੈਸਲਾਕੁੰਨ ਜੰਗ ਯੋਜਨਾਬੱਧ ਅਤੇ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਈ ਗਈ ਹੈ, ਜਿਸ ਸਦਕਾ ਇਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਤਸਕਰਾਂ ਨੂੰ ਲਗਾਤਾਰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ ਦੀ ਕੀਮਤ 'ਤੇ ਨਸ਼ਾ ਤਸਕਰਾਂ ਨੂੰ ਵਧਣ-ਫੁੱਲਣ ਦੀ ਆਗਿਆ ਨਹੀਂ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ੇ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ 'ਤੇ ਬਣਾਈ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਮਿਸਾਲ ਕਾਇਮ ਕੀਤੀ ਜਾ ਸਕੇ ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਸੰਤਾਂ, ਪੀਰ-ਪੈਗੰਬਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਪ੍ਰਾਪਤ ਹੈ ਅਤੇ ਪੰਜਾਬ ਸੂਬਾ ਆਪਣੇ ਜਰਨੈਲਾਂ, ਲੈਫਟੀਨੈਂਟਾਂ, ਅਧਿਕਾਰੀਆਂ, ਖਿਡਾਰੀਆਂ ਆਦਿ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਕੇ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਉਤਸ਼ਾਹਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਸਰਕਾਰ ਨੇ ਇਸ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਤਾਂ ਉਨ੍ਹਾਂ ਤੋਂ ਬਾਅਦ ਵਾਲਿਆਂ ਨੇ ਇਸ ਗ਼ੈਰਕਾਨੂੰਨੀ ਕਾਰੋਬਾਰ ਨੂੰ ਵੱਡੇ ਪੱਧਰ 'ਤੇ ਪ੍ਰਫੁੱਲਤ ਹੋਣਾ ਯਕੀਨੀ ਬਣਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਕਦੇ ਵੀ ਸੂਬੇ ਦੇ ਹਿੱਤ ਲਈ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਰ ਕੰਮ ਆਪਣੇ ਕਰੀਬੀਆਂ ਦੀ ਭਲਾਈ ‘ਤੇ ਕੇਂਦਰਤ ਸੀ, ਜਿਸ ਕਾਰਨ ਸਾਡਾ ਸੂਬਾ ਪਿੱਛੇ ਰਹਿ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਸਫਾਈ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਇਸ ਦੇ ਨਤੀਜੇ ਸਾਫ਼ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਫ਼ਸਲ ਨਸ਼ਟ ਕਰ ਦਿੱਤੀ ਗਈ ਹੈ, ਪਰ ਇਸ ਦੇ ਕੁਝ ਬੀਜ ਅਜੇ ਵੀ ਮੌਜੂਦ ਹਨ, ਜਿਨ੍ਹਾਂ ਨੂੰ ਜਲਦ ਹੀ ਸਾਫ਼ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਇਨ੍ਹਾਂ ਮੁੱਦਿਆਂ 'ਤੇ ਚੁੱਪ ਹੈ ਕਿਉਂਕਿ ਉਨ੍ਹਾਂ ਦੇ ਹੱਥ ਸੂਬੇ ਦੇ ਮਾਸੂਮ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੂੰ ਸੂਬੇ ਜਾਂ ਇਸ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਹ ਸਿਰਫ਼ ਆਪਣੇ ਹਿੱਤਾਂ ਦੀ ਪਰਵਾਹ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਰੱਬ ਨਾ ਕਰੇ ਜੇਕਰ ਵਿਰੋਧੀ ਧਿਰ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਨਸ਼ਿਆਂ ਦੀ ਸਮੱਸਿਆ ਸੂਬੇ ਵਿੱਚ ਮੁੜ ਤੋਂ ਆਪਣੇ ਪੈਰ ਪਸਾਰਦੀ ਦਿਸੇਗੀ ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਆਗੂਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਜਿਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸੀ ਅਤੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਦੁਬਾਰਾ ਉਨ੍ਹਾਂ ਤੋਂ ਵੋਟ ਮੰਗਣ ਆਉਂਦੇ ਹਨ ਤਾਂ ਪੰਜਾਬੀ ਉਨ੍ਹਾਂ ਤੋਂ ਇਹ ਸਵਾਲ ਪੁੱਛਣ ਕਿ ਉਨ੍ਹਾਂ ਨੇ ਨਸ਼ਾ ਤਸਕਰਾਂ ਦਾ ਪੱਖ ਕਿਉਂ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਨਾਲ ਕੋਈ ਹਮਦਰਦੀ ਨਹੀਂ ਸਗੋਂ ਇਨ੍ਹਾਂ ਦਾ ਇੱਕੋ ਇੱਕ ਉਦੇਸ਼ ਸੂਬੇ ਦੇ ਖਜ਼ਾਨੇ ਨੂੰ ਲੁੱਟਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਪਾਣੀਆਂ ਅਤੇ ਨੌਜਵਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਈ ਪਿੰਡਾਂ ਵਿੱਚ ਨਸ਼ਾ ਤਸਕਰ ਪਹਿਲਾਂ ਹੀ ਕਾਰੋਬਾਰ ਛੱਡ ਕੇ ਸੂਬੇ ‘ਚੋਂ ਨੱਸ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਨਸ਼ਾ ਤਸਕਰਾਂ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਉਹ ਜਲਦੀ ਇਤਿਹਾਸ ਦਾ ਹਿੱਸਾ ਬਣ ਜਾਣਗੇ ਕਿਉਂਕਿ ਪੰਜਾਬ ਨਸ਼ਾ ਮੁਕਤ ਹੋਣ ਲਈ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਮੰਤਵ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛੱਪੜਾਂ ਦੀ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਹੋਰ ਵੱਡੇ ਕੰਮ ਪਹਿਲਾਂ ਹੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਚੌਕਸ ਰਹਿਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਹੈ ਕਿ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਕਿ ਇੱਕ ਚੰਗਾ ਸੰਕੇਤ ਹੈ, ਕਿਉਂਕਿ ਉਹ ਨਸ਼ਿਆਂ ਦੀ ਸਮੱਸਿਆ ਦੀਆਂ ਅਸਲ ਪੀੜਤ ਹਨ ਅਤੇ ਉਨ੍ਹਾਂ ਨੇ ਇਸ ਦਲਦਲ ਵਿੱਚ ਆਪਣੇ ਪਰਿਵਾਰ ਬਰਬਾਦ ਹੁੰਦੇ ਦੇਖੇ ਹਨ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਦੇ ਖਾਤਮੇ ਲਈ ਇੰਨੀ ਵੱਡੀ ਪੱਧਰ 'ਤੇ ਸਮਰਥਨ ਦਿੰਦੀਆਂ ਹਨ ਤਾਂ ਖਤਰਾ ਜ਼ਿਆਦਾ ਦੇਰ ਨਹੀਂ ਟਿਕ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ, ਬੀਬੀਐਮਬੀ ਅਤੇ ਹਰਿਆਣਾ ਸਰਕਾਰ ਦੇ ਸੂਬੇ ਦੇ ਪਾਣੀਆਂ ਦੀ ਚੋਰੀ ਦੇ ਕਠੋਰ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣੇ ਨਿੱਜੀ ਹਿੱਤਾਂ ਖਾਤਰ ਇਸ ਨੂੰ ਸਰਪ੍ਰਸਤੀ ਦਿੰਦੇ ਰਹੇ ਹਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ ਅਤੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਸ ਸਮੇਂ ਪਾਣੀ ਦੀ ਸਖ਼ਤ ਲੋੜ ਹੈ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਇੱਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ ਅਤੇ ਕਿਸੇ ਨੂੰ ਵੀ ਪੰਜਾਬ ਦੇ ਹੱਕਾਂ ਨੂੰ ਹੜੱਪਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।