ਗਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 18 ਮਈ 2025 - ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਬਾਕੀ ਰਹਿੰਦੀਆਂ ਗਰਾਮ ਪੰਚਾਇਤਾਂ ਦੇ ਮੈਂਬਰਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਵਿੱਚ ਮਿਤੀ 15 ਅਕਤੂਬਰ 2024 ਨੂੰ ਕਰਵਾਈਆਂ ਗਈਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਮਿਤੀ 4 ਸਤੰਬਰ 2024 ਨੂੰ ਸਪਲੀਮੈਂਟਰੀ ਵੋਟਰ ਲਿਸਟਾਂ ਦੀ ਅੰਤਿਮ ਪ੍ਰਕਾਸ਼ਨਾ ਜ਼ਿਲ੍ਹਿਆਂ ਵੱਲੋਂ ਕਰਵਾਈ ਗਈ ਸੀ। ਹੁਣ ਰਾਜ ਵਿੱਚ ਕਰਵਾਈਆਂ ਜਾਣ ਵਾਲੀਆਂ ਬਾਕੀ ਰਹਿੰਦੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਅਤੇ ਜ਼ਿਮਨੀ ਚੋਣਾਂ, ਜਿੱਥੇ ਕਿਤੇ ਡਿਊ ਹੋਣ, ਲਈ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਣੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 19, 20 ਤੇ 21 ਮਈ 2025 (ਦਿਨ ਸੋਮਵਾਰ, ਮੰਗਲਵਾਰ ਤੇ ਬੁੱਧਵਾਰ) ਨੂੰ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵੋਟਰ ਸੂਚੀਆਂ ਦੀ ਰਵੀਜਨ ਕੇਵਲ ਉਨ੍ਹਾਂ ਗ੍ਰਾਮ ਪੰਚਾਇਤਾਂ ਜਾਂ ਗ੍ਰਾਮ ਪੰਚਾਇਤਾਂ ਦੇ ਵਾਰਡਾਂ ਲਈ ਕੀਤਾ ਜਾਵੇਗਾ ਜਿੱਥੇ ਰਿਕਾਰਡ ਅਨੁਸਾਰ ਚੋਣਾਂ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਦੱਸਿਆ ਕਿ ਮਿਤੀ 23 ਮਈ 2025 ਨੂੰ ਸਬੰਧਿਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਸਮੇਤ ਅਨੁਪੂਰਕ ਸੂਚੀਆਂ ਦੀ ਪ੍ਰਕਾਸ਼ਨਾ ਕਰਵਾਈ ਜਾਵੇਗੀ।