ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪਿੰਡ ਭੰਗਵਾਂ, ਨਾਥਪੁਰ ਤੇ ਕਾਹਲਵਾਂ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ
- ਸੂਬੇ ਵਿੱਚੋਂ ਨਸ਼ਿਆਂ ਦਾ ਮੁਕਮੰਲ ਖਾਤਮਾ ਤੈਅ : ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਰੋਹਿਤ ਗੁਪਤਾ
ਗੁਰਦਾਸਪੁਰ, 18 ਮਈ 2025 - ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਭੰਗਵਾਂ, ਨਾਥਪੁਰ ਤੇ ਕਾਹਲਵਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ। ਇਸ ਮੌਕੇ ਇਨ੍ਹਾਂ ਪਿੰਡਾਂ ਵਿੱਚ ਕਰਵਾਈਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਸੇਖਵਾਂ ਨੇ ਕਿਹਾ ਕਿ ਸੂਬੇ ਵਿਚੋਂ ਹੁਣ ਨਸ਼ਿਆਂ ਦਾ ਖਾਤਮਾ ਤੈਅ ਹੈ ਤੇ ਇਹ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੇ ਬਹੁਤ ਹੀ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ ਤੇ ਲੋਕਾਂ ਵਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁਹਿੰਮ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਕਿ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਵਿਧਾਨ ਸਭਾ ਹਲਕਾ ਕਾਦੀਆਂ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਨਸ਼ੇ ਵੇਚ ਕੇ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ੇ ਦੇ ਮਰੀਜ਼ਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਦੀ ਜ਼ਿੰਦਗੀ ਮੁੜ ਲੀਹਾਂ ਉਤੇ ਲੈਕੇ ਆਉਣ ਲਈ ਵੱਡੇ ਪੱਧਰ ਉੱਤੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸ. ਸੇਖਵਾਂ ਨੇ ਹਾਜ਼ਰੀਨ ਨੂੰ ਨਸ਼ਿਆਂ ਦਾ ਖਾਤਮਾ ਕਰਨ ਲਈ ਸਹੁੰ ਵੀ ਚੁਕਾਈ।
ਇਸ ਮੌਕੇ ਹਲਕਾ ਕੋਆਰਡੀਨੇਟ ਜੈਲਦਾਰ ਅੰਮ੍ਰਿਤਪਾਲ ਸਿੰਘ, ਚੇਅਰਮੈਨ ਮੋਹਨ ਸਿੰਘ, ਭਗਵਾਨ ਸਰੂਪ, ਜੋਗਿੰਦਰ ਸਿੰਘ, ਲਖਬੀਰ ਸਿੰਘ ਕੋਟ ਟੋਡਰ ਮੱਲ, ਹਰਜੀਤ ਸਿੰਘ ਟਿੱਕਾ, ਭੁਪਿੰਦਰ ਸਿੰਘ, ਕਬੱਡੀ ਖਿਡਾਰੀ ਵਿੱਕਾ, ਸਾਬੀ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।