ਵਿਧਾਇਕ ਕੁਲਵੰਤ ਸਿੰਘ ਨੇ 79.63 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ
ਪੰਜਾਬ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਦਿੱਖ ਬਦਲੀ-ਐਮ.ਐਲ.ਏ ਕੁਲਵੰਤ ਸਿੰਘ
ਐੱਸ ਏ ਐੱਸ ਨਗਰ, 19 ਮਈ 2025:
ਹਲਕਾ ਐੱਸ.ਏ.ਐੱਸ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਆਪਣੇ ਵਿਧਾਨ ਸਭਾ ਹਲਕਾ ਅੰਦਰ ਆਉਂਦੇ ਪੰਜ ਸਕੂਲਾਂ ਵਿੱਚ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।
ਵਿਧਾਇਕ ਨੇ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਹਲਕਾ ਖਰੜ ਦੇ ਪਿੰਡ ਦਾਊਂ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ 17. 06 ਲੱਖ ਰੁਪਏ ਦੀ ਲਾਗਤ ਨਾਲ ਬਣੇ 02 ਸਮਾਰਟ ਕਲਾਸ ਰੂਮ, ਬਲਾਕ ਖਰੜ-1 ਦੇ ਪਿੰਡ ਦਾਊਂ (ਰਾਮਗੜ੍ਹ ) ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਵਿੱਚ 37.55 ਲੱਖ ਰੁਪਏ ਦੀ ਲਾਗਤ ਨਾਲ ਬਣੇ 05 ਸਮਾਰਟ ਕਲਾਸ ਰੂਮ, ਪਿੰਡ ਰਾਏਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15.02 ਲੱਖ ਰੁਪਏ ਦੀ ਲਾਗਤ ਨਾਲ ਬਣੇ 02 ਸਮਾਰਟ ਕਲਾਸ ਰੂਮ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਫੇਜ਼-6 ਮੋਹਾਲੀ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਹਨ।
ਇਸ ਮੌਕੇ ਉਨ੍ਹਾਂ ਨੇ ਸਰਕਾਰੀ ਹਾਈ ਸਮਾਰਟ ਸਕੂਲ ਦਾਊਂ ਦੇ ਦਸਵੀਂ ਦੇ ਨਤੀਜਿਆਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।
ਐਮ.ਐਲ.ਏ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਉਸ ਦੇਸ਼ ਦੇ ਨਿਵਾਸੀਆਂ ਦਾ ਸਿਹਤਮੰਦ ਅਤੇ ਸਿੱਖਿਅਕ ਹੋਣਾ ਜਰੂਰੀ ਹੈ, ਇਸ ਲੀਹ ਤੇ ਚਲਦੇ ਹੋਏ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਦੇ ਖ਼ੇਤਰ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਤੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਅਤੇ ਵਧੀਆ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਸਰਕਾਰੀ ਸਕੂਲ ਕਿਸ ਤਰ੍ਹਾਂ ਪ੍ਰਾਈਵੇਟ ਸਕੂਲਾਂ ਵਾਂਗ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇ ਰਹੇ ਹਨ, ਇਹ ਗੱਲ ਪੰਜਾਬ ਦੇ ਹਰ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਰਹੀ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵੱਧ ਤੋਂ ਵੱਧ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਕਿਸੇ ਪ੍ਰਾਈਵੇਟ ਸਕੂਲ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਾਮਲੇ ਵਿੱਚ ਬਹੁਤ ਗੰਭੀਰ ਹੈ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਭ ਤੋਂ ਮੋਹਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਵੀ ਕਿਹਾ ਕਿ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਬੱਚਿਆਂ ਨੂੰ ਪੜ੍ਹਾਉਣ ਅਤੇ ਪੰਜਾਬ ਨੂੰ ਹੋਰ ਅੱਗੇ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਦਿੱਤੀਆ ਜਾ ਰਹੀਆਂ ਹਨ।
ਵਿਧਾਇਕ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਕਰੀਬ 20,000 ਸਰਕਾਰੀ ਸਕੂਲਾਂ ਵਿੱਚ ਲਗਭੱਗ 28 ਲੱਖ ਬੱਚੇ ਪੜ੍ਹਦੇ ਹਨ। ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਕੀਤੇ ਯਤਨਾਂ ਕਾਰਨ ਪੰਜਾਬ ਵਿੱਚ ਲਗਭਗ ਹਰ ਸਕੂਲ ਦੀ ਚਾਰਦੀਵਾਰੀ ਬਣ ਚੁੱਕੀ ਹੈ। ਹਰ ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਡੈਸਕ ਹਨ, ਹਰ ਕਲਾਸ ਰੂਮ ਵਿੱਚ ਗਰੀਨ ਬੋਰਡ ਹਨ, ਪੀਣ ਵਾਲੇ ਪਾਣੀ ਅਤੇ ਟਾਇਲਟ ਦਾ ਪ੍ਰਬੰਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ 20,000 ਅਧਿਆਪਕ ਭਰਤੀ ਕੀਤੇ ਗਏ ਹਨ ਅਤੇ 12,700 ਕੱਚੇ ਅਧਿਆਪਕਾਂ ਨੂੰ ਪੱਕੇ ਕਰਕੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ 3 ਤੋਂ 4 ਗੁਣਾ ਵਾਧਾ ਕੀਤਾ ਗਿਆ ਹੈ। ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਸਾਫ ਸੁਥਰਾ ਵਾਤਾਵਰਨ ਦੇਣ ਲੲ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਲਗਭੱਗ 9000 ਚੌਂਕੀਦਾਰ ਅਤੇ ਸਫ਼ਾਈ ਸੇਵਕ ਤੈਨਾਤ ਕੀਤੇ ਗਏ ਹਨ। 17000 ਸਕੂਲਾਂ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ਉਪਲੱਬਧ ਕਰਵਾਈਆਂ ਗਈਆ ਹਨ।
ਇਸ ਮੌਕੇ ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ ਅਤੇ ਸਕੂਲ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ।