ਸਰਕਾਰੀ ਯੋਜਨਾਵਾਂ ਦਾ ਲੋਕਾਂ ਤੱਕ ਜ਼ਮੀਨੀ ਪੱਧਰ 'ਤੇ ਪਹੁਚਾਇਆ ਜਾਵੇ ਲਾਭ : ਡਾ. ਰਾਜ ਕੁਮਾਰ ਚੱਬੇਵਾਲ
-'ਦਿਸ਼ਾ' ਤਹਿਤ ਕੀਤੀ ਮੀਟਿੰਗ ‘ਚ ਸਰਕਾਰੀ ਯੋਜਨਾਵਾਂ ਦੀ ਹੋਈ ਸਮੀਖਿਆ
-ਜ਼ਿਲ੍ਹੇ ‘ਚ 279 ਮਰੀਜ਼ਾਂ ਦੇ 1371 ਡਾਇਲਸਿਸ ਸੈਸ਼ਨ ਕਰਵਾਏ ਗਏ ਮੁਫ਼ਤ
ਹੁਸ਼ਿਆਰਪੁਰ, 19 ਮਈ :
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ‘ਤੇ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਸਮੇਂ ਸਿਰ ਲਾਭ ਪ੍ਰਾਪਤ ਹੋ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਕੋਆਰਡੀਨੇਸ਼ਨ ਅਤੇ ਮਾਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 24-25 ਦੌਰਾਨ ਹੁਸ਼ਿਆਰਪੁਰ ਨੂੰ ਸਮੱਗਰ ਸਿੱਖਿਆ ਮੁਹਿੰਮ ਤਹਿਤ ਕੁੱਲ 25 ਕਰੋੜ 32 ਲੱਖ 77 ਹਜ਼ਾਰ 846 ਰੁਪਏ ਦੀ ਗ੍ਰਾਂਟ ਵੱਖ-ਵੱਖ ਦਿੱਤੀ ਗਈ ਹੈ, ਜੋ ਹੁਣ ਤੱਕ ਖ਼ਰਚ ਕੀਤੀ ਜਾ ਚੁੱਕੀ ਹੈ। ਸਿਹਤ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਸੁਰੱਖਿਆ ਯੋਜਨਾ, ਪਰਿਵਾਰ ਨਿਯੋਜਨ ਮੁਆਵਜ਼ਾ, ਰੋਗੀ ਕਲਿਆਣ ਸਮਿਤੀ ਤਹਿਤ 31 ਮਾਰਚ, 2025 ਤੱਕ ਕੁੱਲ 68490945 ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਡਾਇਲਸਿਸ ਪ੍ਰੋਗਰਾਮ ਤਹਿਤ, ਵਿੱਤੀ ਸਾਲ 2024-25 ਦੌਰਾਨ ਜ਼ਿਲ੍ਹੇ ਵਿੱਚ 279 ਮਰੀਜ਼ਾਂ ਲਈ 1371 ਸੈਸ਼ਨ ਮੁਫ਼ਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਵਿਭਾਗ ਮੁਖੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਡੇਂਗੂ ਦਾ ਲਾਰਵਾ ਉਨ੍ਹਾਂ ਦੇ ਦਫ਼ਤਰਾਂ ਵਿੱਚ ਪ੍ਰਜਨਨ ਨਾ ਕਰੇ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪਲਾਸਟਿਕ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ, ਸਾਂਸਦ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ ਅਤੇ ਸ਼ਹਿਰੀ), ਜਲ ਜੀਵਨ ਮਿਸ਼ਨ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਮੈਡੀਕਲ ਕਾਲਜ ਦੀ ਉਸਾਰੀ, ਮਿਸ ਸਵੱਛ ਸਮਾਜਕ ਵਿਕਾਸ, ਮਿਸ ਸਵੱਛ ਮੈਡੀਕਲ ਕਾਲਜ, ਐਸ. ਸਕੀਮਾਂ, ਮਨਰੇਗਾ, ਪੀ.ਐੱਮ.ਕੇ.ਵੀ.ਵਾਈ, ਬੀ.ਐੱਸ.ਐੱਨ.ਐੱਲ. ਅਤੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਸ਼ੁਰੂ ਕੀਤੇ ਕੰਮ ਜਲਦ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਭੇਜੇ ਜਾਣ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਸਾਰੇ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹੇ ਵਿਚ ਐਮ.ਪੀ ਲੈਂਡ ਫੰਡ ਤੋਂ ਇਲਾਵਾ ਹੋਰ ਸਕੀਮਾਂ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦੀ ਹੀ ਪੂਰੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਾਰੀਆਂ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਸਬੰਧਤ ਵਿਭਾਗਾਂ ਵੱਲੋਂ ਇਨ੍ਹਾਂ ਯੋਜਨਾਵਾਂ ਦੀ ਨਿਰੰਤਰ ਸਮੀਖਿਆ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਵਿਭਾਗ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੀਟਿੰਗ ਵਿਚ ਲੋਕ ਸਭਾ ਮੈਂਬਰ, ਡਿਪਟੀ ਸਪੀਕਰ ਅਤੇ ਵਿਧਾਇਕਾਂ ਵੱਲੋਂ ਵਿਚਾਰੇ ਗਏ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।