ਡਿਪਟੀ ਕਮਿਸ਼ਨਰ ਨੇ ਪਿੰਡ ਕੋਟਸ਼ਮੀਰ ਦੇ ਸਕੂਲ਼ ਆਫ਼ ਐਮੀਨੈਂਸ ਦਾ ਦੌਰਾ ਕਰਕੇ ਲਿਆ ਜਾਇਜ਼ਾ
ਅਸ਼ੋਕ ਵਰਮਾ
ਬਠਿੰਡਾ, 20 ਮਈ 2025 : ਵਿਦਿਆਰਥੀਆਂ ਲਈ ਸਖਤ ਮਿਹਨਤ ਹੀ ਸਫਲਤਾ ਦਾ ਰਾਜ ਹੈ, ਉਹ ਜਿੰਦਗੀ ਵਿੱਚ ਸਖਤ ਮਿਹਨਤ ਕਰਕੇ ਹੀ ਤਰੱਕੀ ਦੀਆਂ ਮੰਜਿਲਾਂ ਪਾ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਦੇ ਸਕੂਲ਼ ਆਫ਼ ਐਮੀਨੈਂਸ ਵਿਖੇ ਮੈਂਟਰਸਿਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨਾਲ ਗੱਲ-ਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੇ ਗਿਆਨ ਦੀ ਪਰਖ ਕਰਦਿਆਂ ਜਿਥੇ ਉਨ੍ਹਾਂ ਨਾਲ ਸਵਾਲ-ਜਵਾਬ ਵੀ ਕੀਤੇ ਉਥੇ ਹੀ ਸਕੂਲ ਤੇ ਉਨ੍ਹਾਂ ਦੀ ਪੜ੍ਹਾਈ ਨੂੰ ਹੋਰ ਬੇਹਤਰ ਬਣਾਉਣ ਲਈ ਸੁਝਾਅ ਵੀ ਲਏ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਥੇ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ ਉਥੇ ਹੀ ਉਨ੍ਹਾਂ ਕੋਲੋਂ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਿਆਂ। ਉਨ੍ਹਾਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਪੜ੍ਹ ਲਿਖ ਕੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਥੇ ਗਿਆਨ ਦਾ ਪਸਾਰ ਹੁੰਦਾ ਹੈ ਉਥੇ ਹੀ ਇਸ ਗਿਆਨਰੂਪੀ ਪਸਾਰੇ ਨਾਲ ਇਨਸਾਨ ਚ ਚੰਗੇ ਗੁਣ ਉਜਾਗਰ ਹੁੰਦੇ ਹਨ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹਰੇਕ ਵਿਦਿਆਰਥੀ ਦੀ ਗੱਲ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨ 'ਤੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਵੀ ਕਿਹਾ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ‘ਚ ਆਤਮ ਵਿਸ਼ਵਾਸ ਅਤੇ ਮਾਰਗਦਰਸ਼ਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਸੁਪਨੇ ਮੇਰੇ ਨਾਲ ਸਾਂਝੇ ਕਰਨ ਤਾਂ ਜੋ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਹੀ ਰਸਤਾ ਦਿਖਾਇਆ ਜਾ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਕਲਾਸ ਰੂਮਾਂ, ਸਾਇੰਸ ਲੈਬਜ਼ ਅਤੇ ਲਾਇਬ੍ਰੇਰੀ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਲੋੜੀਂਦਾ ਸਾਜੋ-ਸਮਾਨ ਮੁਹੱਈਆ ਕਰਵਾਉਣ ਲਈ ਪ੍ਰਿੰਸੀਪਲ ਨੂੰ ਆਦੇਸ਼ ਦਿੱਤੇ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆਂ ਦਰਪੇਸ਼ ਨਾ ਆਵੇ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਪਣੀਆਂ ਸੇਵਾਵਾਂ ਸਮਰਪਿਤ ਭਾਵਨਾ ਨਾਲ ਨਿਭਾਉਣ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਨਿਸ਼ੂ ਬਾਂਸਲ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।