ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵੱਲੋਂ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 21 ਮਈ 2025 ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਜ਼ਮੀਨ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਮਜ਼ਦੂਰਾਂ ਅਤੇ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿੰਦਾ ਕਰਦੇ ਐਲਾਨ ਕੀਤਾ ਕਿ ਮਿਤੀ 22 ਮਈ ਨੂੰ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਪ੍ਰੈਸ ਬਿਆਨ ਜਾਰੀ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਸੰਗਰੂਰ ਸਮੇਤ ਪੂਰੇ ਪੰਜਾਬ ਅੰਦਰ ਜ਼ਮੀਨ ਪ੍ਰਾਪਤੀ ਅੰਦੋਲਨ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਤੂੰ ਮਘਦਾ ਰਹੀਂ ਵੇ ਸੂਰਜਾਂ ਕੰਮੀਆਂ ਦੇ ਵਿਹੜੇ ਗੀਤ ਗਾਉਣ ਵਾਲਾਂ ਭਗਵੰਤ ਮਾਨ ਮਜ਼ਦੂਰਾਂ ਦੀ ਹੱਕੀ ਅਵਾਜ਼ ਦਵਾਉਣ ਤੇ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਮਜ਼ਦੂਰਾ ਨੂੰ ਗ੍ਰਿਫਤਾਰ ਕਰਕੇ ਜ਼ਮੀਨ ਚੋਂ ਜ਼ਮੀਨ ਦੇ ਹਿਸੇ ਦੇ ਸੰਘਰਸ਼ ਨੂੰ ਖਤਮ ਕਰਨ ਦਾ ਭਰਮ ਪਾਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਭਾਵੇਂ ਸਮੂਹ ਸਿਆਸੀ ਪਾਰਟੀਆਂ ਦਲਿਤ ਪੱਖੀ ਹੋਣ ਦਾ ਪਖੰਡ ਕਰਦੀਆਂ ਹਨ ਪਰ ਸੱਤਾ ਉਪਰ ਬੈਠ ਆਪ ਸਮੇਤ ਅਕਾਲੀ, ਭਾਜਪਾ, ਕਾਂਗਰਸ ਸੱਭ ਦਲਿਤਾਂ, ਮਜ਼ਦੂਰਾ ਦੀ ਹੱਕੀ ਅਵਾਜ਼ ਨੂੰ ਦਬਾਉਣ ਦਾ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨ ਹੱਦਬੰਦੀ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਐਸ, ਸੀ ਸਮਾਜ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਮਿਲਕੇ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਦਾ ਮਜ਼ਦੂਰ ਅੰਦੋਲਨ ਪੂਰੇ ਪੰਜਾਬ ਦੇ ਮਜ਼ਦੂਰਾਂ ਹੌਸਲਾ ਦੇਵੇਗਾ। ਉਨ੍ਹਾਂ ਕਿਹਾ ਕਿ ਆਪ ਦੇ ਤਿੰਨ ਸਾਲ ਦੇ ਰਾਜਕਾਲ ਨੇ ਸਾਬਤ ਕਰ ਦਿੱਤਾ ਹੈ ਕਿ ਭਗਵੰਤ ਮਾਨ ਸੱਭ ਤੋਂ ਝੂਠਾ ਤੇ ਮਜ਼ਦੂਰ ਵਿਰੋਧੀ ਮੁੱਖ ਮੰਤਰੀ ਹੈ। ਉਨ੍ਹਾਂ ਪੰਜਾਬ ਦੇ ਸਮੁੱਚੇ ਮਜ਼ਦੂਰ ਸਮਾਜ ਨੂੰ ਜ਼ਮੀਨ ਪ੍ਰਾਪਤੀ ਲਈ ਖੜ੍ਹੇ ਹੋਣ ਦੀ ਅਪੀਲ ਕੀਤੀ।