ਸਰਕਾਰ ਦਾ ਇਕੋ-ਇਕ ਉਦੇਸ਼ ਹਰ ਪਿੰਡ ਤੇ ਘਰ ਨੂੰ ਕਰਨਾ ਹੈ ਨਸ਼ਾ ਮੁਕਤ : ਪ੍ਰੋਫੈਸਰ ਬਲਜਿੰਦਰ ਕੌਰ
ਅਸ਼ੋਕ ਵਰਮਾ
ਬਠਿੰਡਾ, 21 ਮਈ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਚਲਾਈ ਗਈ ਨਸ਼ਾ ਮੁਕਤੀ ਯਾਤਰਾ ਦਾ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ੇ ਤੋਂ ਮੁਕਤੀ ਦਾ ਪ੍ਰਣ ਵੀ ਲਿਆ ਜਾ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਦੇ 6ਵੇਂ ਦਿਨ ਚੀਫ ਵਿੱਪ ਅਤੇ ਵਿਧਾਇਕਾ ਤਲਵੰਡੀ ਸਾਬੋ ਪ੍ਰੋ ਬਲਜਿੰਦਰ ਕੌਰ ਨੇ ਪਿੰਡ ਰਾਮਸਰਾ, ਤਰਖਾਣ ਵਾਲਾ ਅਤੇ ਬਾਘਾ ਵਿਖੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ਲੋਕ ਲਹਿਰ ਵਜੋਂ ਉਭਰੇਗੀ। ਪੰਜਾਬ ਸਰਕਾਰ ਦਾ ਇਕੋ-ਇਕ ਉਦੇਸ਼ ਹੈ ਹਰ ਪਿੰਡ, ਹਰ ਘਰ ਨੂੰ ਨਸ਼ਾ ਮੁਕਤ ਕਰਨਾ। ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਹੁਤ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।
ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਲਿਆਣ ਭਾਈਕਾ, ਕਲਿਆਣ ਮੱਲਕਾ ਅਤੇ ਕਲਿਆਣ ਸੁੱਖਾ ਦੀਆਂ ਰੱਖਿਆਂ ਕਮੇਟੀਆਂ ਨਾਲ ਮੀਟਿੰਗਾਂ ਕਰਨ ਮੌਕੇ ਕਿਹਾ ਕਿ ਜੋ ਲੋਕ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਚੁੰਗਲ ਵਿੱਚ ਫਸ ਚੁੱਕੇ ਹਨ ਉਨ੍ਹਾਂ ਦਾ ਮੁਫਤ ਇਲਾਜ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਕਮੁੱਠ ਹੋਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾਂ ਤਸਕਰਾਂ ਖਿਲਾਫ ਜਾਣਕਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਮਾੜੀ ਅਲਾਮਤ ਦਾ ਪੂਰੀ ਤਰ੍ਹਾਂ ਖਾਤਮਾ ਹੋ ਸਕੇ।
ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਪਿੰਡ ਸੇਲਬਰਾਹ, ਸਿਧਾਣਾ ਅਤੇ ਕੱਲੋਕੇ ਵਿਖੇ ਰੱਖਿਆ ਕਮੇਟੀ ਨਾਲ ਮੀਟਿੰਗਾਂ ਕਰਨ ਉਪਰੰਤ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਹਸਦਾ, ਵਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਰੋਜਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾਵੇਗਾ।
ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ ਨੇ ਪਿੰਡ ਝੰਡੂਕੇ, ਗਿੱਲ ਕਲਾਂ ਅਤੇ ਰਾਏਖਾਨਾ ਦੀਆਂ ਰੱਖਿਆ ਕਮੇਟੀ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰੇਕ ਵਿਅਕਤੀ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਇਸ ਸਬੰਧੀ ਸੂਚਨਾ ਪੁਲਿਸ ਨੂੰ ਦੇਣ, ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਬਠਿੰਡਾ ਦਿਹਾਤੀ ਦੇ ਪਿੰਡ ਜੱਸੀ ਪੌਂ ਵਾਲੀ, ਗਹਿਰੀ ਭਾਗੀ ਅਤੇ ਮਹਿਤਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਪ੍ਰੋਗਰਾਮ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਆਪਣੀ ਰੁਚੀ ਵਧਾਉਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ। ਇਸ ਮੌਕੇ ਉਨ੍ਹਾਂ ਮੌਜੂਦ ਪਿੰਡਾ ਵਾਸੀਆਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ।
ਯਾਤਰਾ ਦੌਰਾਨ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸ਼ਹਿਰ ਦੇ ਵਾਰਨ ਨੰਬਰ 18, 19 ਅਤੇ 20 ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਏ ਜਾਣ, ਇਸ ਲਈ ਪੰਜਾਬ ਸਰਕਾਰ ਡਟੀ ਹੋਈ ਹੈ ਅਤੇ ਲੋਕ ਵੀ ਪੂਰਾ ਸਹਿਯੋਗ ਦੇਣ। ਉਨ੍ਹਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਮੁਹਿੰਮ ਵਿੱਚ ਸਰਗਰਮ ਹੋਣ ਦਾ ਵੀ ਸੱਦਾ ਦਿੱਤਾ।
ਇਸ ਮੌਕੇ ਵੱਖ ਵੱਖ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾ ਵੱਲੋਂ ਸ਼ਿਰਕਤ ਕੀਤੀ ਗਈ।