ਛੀਨਾ ਨੇ ਵਾਰਡ ਨੰਬਰ 32 ਵਿਖੇ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ
- 97 ਲੱਖ ਰੁਪਏ ਦੀ ਲਾਗਤ ਨਾਲ ਆਰ.ਸੀ.ਸੀ. ਸੜਕ ਬਣਾਈ ਜਾਵੇਗੀ - ਰਾਜਿੰਦਰਪਾਲ ਕੌਰ ਛੀਨਾ
ਸੁਖਮਿੰਦਰ ਭੰਗੂ
ਲੁਧਿਆਣਾ, 21 ਮਈ 2025 - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਅਧੀਨ ਸਿੰਗਲਾ ਸਾਈਕਲ ਰੋਡ ਵਿਖੇ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਆਰ.ਸੀ.ਸੀ. ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ 'ਤੇ ਕਰੀਬ 97 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀਆਂ ਸੜਕਾਂ ਦੀ ਦੇਖਭਾਲ ਨਹੀਂ ਕੀਤੀ ਗਈ ਅਤੇ ਇਹ ਸੜਕ ਪਿਛਲੇ 30 ਸਾਲਾਂ ਤੋਂ ਨਹੀਂ ਬਣਾਈ ਗਈ ਸੀ ਅਤੇ ਹੁਣ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਸੜਕ 'ਤੇ ਟੋਇਆਂ ਕਾਰਨ ਪੈਦਲ ਚੱਲਣ ਵਾਲੇ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਸਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਲੋਕਾਂ ਦੀ ਆਵਾਜਾਈ ਸੁਖਾਵੀਂ ਹੋਵੇਗੀ ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।
ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸਦੇ ਤਹਿਤ ਕਰੋੜਾਂ ਰੁਪਏ ਦੀਆਂ ਗ੍ਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ।