ਪ੍ਰਸ਼ਾਸਨ ਵੱਲੋਂ ਸਬਜ਼ੀ ਮੰਡੀ 'ਚ ਨਾਜਾਇਜ਼ ਕਬਜੇ ਹਟਾਏ ਗਏ
--- ਪੰਜਾਬ ਸਰਕਾਰ ਸਮਾਜ ਵਿਰੋਧੀ ਅਨਸਰਾਂ 'ਤੇ ਨਕੇਲ ਕੱਸਣ ਲਈ ਵਚਨਬੱਧ ਹੈ – ਚੇਅਰਮੈਨ ਗੁਰਜੀਤ ਸਿੰਘ ਗਿੱਲ
ਸੁਖਮਿੰਦਰ ਭੰਗੂ
ਲੁਧਿਆਣਾ, 21 ਮਈ 2025– ਚੇਅਰਮੈਨ, ਮਾਰਕੀਟ ਕਮੇਟੀ ਲੁਧਿਆਣਾ ਗੁਰਜੀਤ ਸਿੰਘ ਗਿੱਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਬਹਾਦੁਰਕੇ ਰੋਡ, ਸਬਜ਼ੀ ਮੰਡੀ ਵਿਖੇ ਨਾਜਾਇਜ਼ ਕਬਜਿਆਂ ਨੂੰ ਹਟਾਇਆ ਗਿਆ।
ਚੇਅਰਮੈਨ ਗਿੱਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਕਬਜ਼ਾ ਧਾਰਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਸਬਜ਼ੀ ਮੰਡੀ ਵਿੱਚ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ ਪਰ ਕੁੱਝ ਵਿਅਕਤੀਆਂ ਵੱਲੋਂ ਇਸਨੂੰ ਅਣਗੋਲਿਆ ਕੀਤਾ ਗਿਆ ਜਿਸਦੇ ਤਹਿਤ ਪ੍ਰਸ਼ਾਸ਼ਨਿਕ ਅਮਲੇ ਰਾਹੀਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਚੇਅਰਮੈਨ ਗੁਰਜੀਤ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਤਰ੍ਹਾਂ ਦੇ ਮਾਫੀਆ 'ਤੇ ਨਕੇਲ ਕੱਸਣ ਲਈ ਵਚਨਬੱਧ ਹੈ।
ਉਨ੍ਹਾਂ ਦੁਹਰਾਇਆ ਕਿ ਸਬਜ਼ੀ ਮੰਡੀ ਵਿੱਚ ਕਿਸੇ ਵੀ ਵਿਅਕਤੀ ਨੂੰ ਨਾਜਾਇਜ਼ ਕਬਜ਼ਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸਦੇ ਖ਼ਿਲਾਫ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।