ਭਗਵੰਤ ਮਾਨ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ
- ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲ
- ਕਿਸਾਨਾਂ ਨੂੰ ਕਰਜ਼ੇ ਤੋਂ ਖਹਿੜਾ ਛੁਡਵਾਉਣ ਲਈ ਸਾਦੇ ਵਿਆਹ ਸਮਾਗਮਾਂ ’ਤੇ ਜ਼ੋਰ
ਦਲਜੀਤ ਕੌਰ
ਧੂਰੀ (ਸੰਗਰੂਰ), 22 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।
ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਨ੍ਹਾਂ ਸੁਸਾਇਟੀਆਂ ਨੇ ਉਸ ਵੇਲੇ ਇਹ ਸ਼ਾਨਦਾਰ ਕੰਮ ਕੀਤਾ ਹੈ, ਜਦੋਂ ਸੂਬੇ ਭਰ ਦੀਆਂ ਬਹੁਤੀਆਂ ਸੁਸਾਇਟੀਆਂ ਆਪਣੇ ਬਕਾਇਆ ਕਰਜ਼ੇ ਦੀ ਵਸੂਲੀ ਕਰਨ ਵਿੱਚ ਅਸਫਲ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਇਹ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੇ ਲਾਭ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਆਪਣੇ ਖਾਤੇ ਖੁੱਲ੍ਹਵਾਉਣ ਦੀ ਅਪੀਲ ਕੀਤੀ ਜੋ ਦੂਜੇ ਬੈਂਕਾਂ ਨਾਲੋਂ ਕਰਜ਼ਿਆਂ 'ਤੇ 3% ਘੱਟ ਵਿਆਜ ਦੀ ਪੇਸ਼ਕਸ਼ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਬਾਰੇ ਕਈ ਗਲਤਫਹਿਮੀਆਂ ਹਨ ਅਤੇ ਕਿਸਾਨਾਂ ਨੂੰ ਇਸ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬੈਂਕਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਅਸਰਦਾਰ ਬਣਾਉਣ ਲਈ ਬੈਂਕਿੰਗ ਖੇਤਰਾਂ ਦੇ ਮਾਹਿਰਾਂ ਦੀਆਂ ਸੇਵਾਵਾਂ ਵੀ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਿਸਾਨ ਇਨ੍ਹਾਂ ਬੈਂਕਾਂ ਵਿੱਚ ਆਪਣੇ ਖਾਤੇ ਖੋਲ੍ਹਣ ਤਾਂ ਜੋ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲ ਸਕੇ। ਸੂਬੇ ਵਿੱਚ ਵੱਡੇ ਤੇ ਖਰਚੀਲੇ ਵਿਆਹਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਆਮ ਕਿਸਾਨਾਂ ਦੀਆਂ ਜੇਬਾਂ 'ਤੇ ਵੱਡਾ ਬੋਝ ਪਾ ਰਹੇ ਹਨ।
ਮੁੱਖ ਮੰਤਰੀ ਨੇ ਸਾਦੇ ਵਿਆਹਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਬਹੁਤ ਵੱਡੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖਰਚੀਲੇ ਵਿਆਹਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਥੱਲ੍ਹੇ ਦੱਬ ਦਿੰਦੇ ਹਨ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਕ-ਦੂਜੇ ਦੀ ਦੇਖਾ-ਦੇਖੀ ਫਜ਼ੂਲ ਪੈਸੇ ਖਰਚਣ ਦੀ ਅੰਨ੍ਹੀ ਦੌੜ ਤੋਂ ਬਚਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਖੇਤੀ ਸੰਦ ਕਿਰਾਏ 'ਤੇ ਲੈ ਕੇ ਵਰਤਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਖੇਤੀ 'ਤੇ ਹੋਣ ਵਾਲੇ ਖਰਚ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਹਿਕਾਰੀ ਸਭਾਵਾਂ ਨੂੰ ਅਜਿਹੇ ਸੰਦਾਂ ਦੀ ਖਰੀਦ ਲਈ ਸਬਸਿਡੀ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰੋਤਾਂ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਇਆ ਜਾ ਸਕੇ ਅਤੇ ਇਸ 'ਤੇ ਹੋਣ ਵਾਲੇ ਖਰਚੇ ਨੂੰ ਘਟਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ੋਰ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਹਿਕਾਰਤਾ ਲਹਿਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨ ਭਾਈਚਾਰੇ ਨੂੰ ਬਹੁਤ ਲਾਭ ਪਹੁੰਚਾਇਆ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਵਿੱਚ ਮਿਆਰੀ ਸਿੱਖਿਆ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਨੂੰ ਦਰਸਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਦਾ ਲੜਕੀਆਂ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਸਿੱਖਿਆ ਦੇ ਖੇਤਰ ਵਿੱਚ ਸਿਖਰਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਪੱਧਰਾ ਹੋਇਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਸਮਰੱਥ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਇਸ ਪ੍ਰਾਪਤੀ ਲਈ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ, ਦੂਜੇ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲੇ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਲਈ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਸੂਬਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦਾ ਹੈ ਤਾਂ ਉਹ ਸੂਬੇ ਦੇ ਪਾਣੀਆਂ ਦੀ ਵੀ ਰਾਖੀ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਪੰਜਾਬ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਵੀ ਸਭ ਤੋਂ ਮੋਹਰੀ ਸਨ ਅਤੇ ਦੂਜੇ ਪਾਸੇ ਉਨ੍ਹਾਂ ਨੇ ਆਪਣੇ ਹਿੱਸੇ ਦਾ ਪਾਣੀ ਬਚਾਉਣ ਲਈ ਵੀ ਮੂਹਰੇ ਹੋ ਕੇ ਲੜਾਈ ਲੜੀ।
ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤੀ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਿਛਲੇ ਆਗੂਆਂ ਨੇ ਕਈ ਮੁੱਦਿਆਂ 'ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਨਾਲ ਗੱਦਾਰੀ ਕੀਤੀ ਹੈ।
ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਕੁਮਾਰ ਸੇਤੀਆ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।