ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ - CM ਮਾਨ
- ਮੁੱਖ ਮੰਤਰੀ ਨੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਲਿਆ
- ਬੁਨਿਆਦੀ ਢਾਂਚੇ ਸਬੰਧੀ ਕਈ ਪ੍ਰਾਜੈਕਟ ਲੋਕਾਂ ਨੂੰ ਕੀਤੇ ਸਮਰਪਿਤ
ਧੂਰੀ (ਸੰਗਰੂਰ), 22 ਮਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ।
ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਉਨ੍ਹਾਂ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਸਬੰਧੀ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਉਨ੍ਹਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਨਾਲ ਸਫਲ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਲਈ ਵਾਰ-ਵਾਰ ਖੇਤਰੀ ਦੌਰੇ ਕਰਨ ਲਈ ਵੀ ਕਿਹਾ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਬਹੁਗਿਣਤੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਵਿੱਚ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਲਈ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਪਿੰਡ ਵਾਸੀਆਂ ਨਾਲ ਅਜਿਹੀਆਂ ਲੋਕ ਮਿਲਣੀਆਂ ਕਰਵਾਉਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਹ ਉਨ੍ਹਾਂ ਲੋਕਾਂ ਨੂੰ ਮਿਲਣਾ ਹੀ ਨਹੀਂ ਚਾਹੁੰਦੇ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕਰਨਾ ਹੈ। ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਆਮ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਬਲਾਕ ਦੇ ਪੰਜ ਪਿੰਡਾਂ ਭੁੱਲਰਹੇੜੀ, ਭਲਵਾਨ, ਪਲਾਸੌਰ, ਧੂਰਾ ਅਤੇ ਭੱਦਲਵੱਡ ਵਿੱਚ ਕੁੱਲ 196 ਵਿਕਾਸ ਕਾਰਜਾਂ ਲਈ 15.61 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 9.90 ਕਰੋੜ ਰੁਪਏ ਦੀ ਲਾਗਤ ਵਾਲੇ 115 ਕੰਮ ਮੁਕੰਮਲ ਹੋ ਚੁੱਕੇ ਹਨ, ਜਦੋਂ ਕਿ 5.71 ਕਰੋੜ ਰੁਪਏ ਦੀ ਲਾਗਤ ਵਾਲੇ 81 ਕੰਮ ਪ੍ਰਗਤੀ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਪੰਜ ਪੰਚਾਇਤਾਂ ਦੀ ਮੰਗ ਦੇ ਆਧਾਰ 'ਤੇ 24 ਹੋਰ ਵਿਕਾਸ ਕਾਰਜਾਂ ਲਈ 15.65 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ ਕੀਤੀ ਗਈ ਹੈ।