ਚੇਅਰਮੈਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਵੱਖ ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ
ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 23 ਮਈ - ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ।
ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਆਲੇਚੱਕ, ਭਾਗੋਕਾਵਾਂ ਅਤੇ ਹੇਮਰਾਜਪੁਰ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਅਧੀਨ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਕੀਤਾ।
ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ।
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹੱਸਦਾ-ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਦੇ ਰਾਹ ਪਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਉਨ੍ਹਾਂ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਦਾ ਪ੍ਰਣ ਵੀ ਦਿਵਾਇਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।
ਇਸ ਮੌਕੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਬਲਾਕ ਪ੍ਰਧਾਨ ਹਿਤੇਸ਼ ਮਹਾਜਨ, ਸਰਪੰਚ ਤੇਜਬੀਰ ਸਿੰਘ ਆਲੇਚੱਕ, ਸਰਪੰਚ ਭੋਲਾ ਸਿੰਘ ਭਾਗੋਕਾਵਾਂ, ਸਰਪੰਚ ਰਮਨਬੀਰ ਸਿੰਘ ਹੇਮਰਾਜ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।