ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਾਵਾਰਸ ਬੱਚਿਆਂ ਦੀ ਸ਼ਨਾਖਤ ਸਬੰਧੀ ‘ਸਾਥੀ’ ਸਕੀਮ ਤਹਿਤ ਭਾਗੀਦਾਰ ਵਿਭਾਗਾਂ ਨਾਲ ਮੀਟਿੰਗ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਈ 2025 - ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ 13 ਮਈ ਤੋਂ ‘ਸਾਥੀ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਦੇਸ਼ ਭਰ ਵਿਚ ਲਾਵਾਰਸ ਬੱਚਿਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ, ਆਧਾਰ ਕਾਰਡ ਬਣਵਾਉਣ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਯਕੀਨੀ ਬਣਾਈ ਜਾਣੀ ਹੈ।
ਇਹ ਪ੍ਰਗਟਾਵਾ ਕਰਦਿਆਂ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪੱਧਰ ਤੇ ਸਾਥੀ ਯੂਨਿਟ ਦੀ ਸਥਾਪਨਾ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ, ਤਹਿਸੀਲਦਾਰ ਮੋਹਾਲੀ, ਖਰੜ ਅਤੇ ਡੇਰਾਬੱਸੀ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ), ਜ਼ਿਲ੍ਹਾ ਪ੍ਰੋਗਰਾਮ ਅਫਸਰ, ਡੀ.ਐਸ.ਪੀ. ਇੰਚਾਰਜ ਸਪੈਸ਼ਲ ਜੁਵੇਨਾਈਲ ਪ੍ਰੋਟੈਕਸ਼ਨ ਯੁਨਿਟ), ਐਨ.ਜੀ.ਓਜ਼, ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੱਜ ਸਾਥੀ ਯੂਨਿਟ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਵਲੋਂ ਯੂਨਿਟ ਦੇ ਮੈਂਬਰਾਂ ਨੂੰ ਸਕੀਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ ਅਤੇ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ।