ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਚੇਅਰਮੈਨ ਰਮਨ ਬਹਿਲ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
- ਸਿੱਖਿਆ ਕ੍ਰਾਂਤੀ ਨੇ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 23 ਮਈ 2025 - ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਹਾਈ ਸਕੂਲ ਸਾਧੂਚੱਕ, ਸਰਕਾਰੀ ਪ੍ਰਾਇਮਰੀ ਸਕੂਲ ਦਿਓਲ, ਸਰਕਾਰੀ ਮਿਡਲ ਤੇ ਹਾਈ ਸਕੂਲ ਗਜ਼ਨੀਪੁਰ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਿਆ।
ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਸਰਕਾਰੀ ਹਾਈ ਸਕੂਲ ਸਾਧੂਚੱਕ ਵਿਖੇ ਵਿਕਾਸ ਕਾਰਜਾਂ ਉੱਪਰ 13,14,648 ਰੁਪਏ ਖ਼ਰਚ ਕੀਤੇ ਗਏ ਹਨ ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਦਿਓਲ ਉੱਪਰ 4.62 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਹਾਈ ਸਕੂਲ ਗਜ਼ਨੀਪੁਰ ਦੇ ਵਿਕਾਸ ਕਾਰਜਾਂ ਉੱਪਰ 3.20 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ ਅਤੇ ਹੁਣ ਸਹੂਲਤਾਂ ਤੇ ਪੜ੍ਹਾਈ ਪੱਖੋਂ ਸਰਕਾਰੀ ਸਕੂਲ ਨਿੱਜੀ ਸਕੂਲਾਂ ਨਾਲੋਂ ਵੀ ਅੱਗੇ ਹਨ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਇੰਟਰੈਕਟਿਵ ਪੈਨਲ, ਸਮੇਂ ਮੁਤਾਬਿਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਨਿਸ਼ਚਿਤ ਤੌਰ ’ਤੇ ਲਾਹੇਵੰਦ ਸਾਬਿਤ ਹੋ ਰਹੀਆਂ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਵੀ ਵੱਡਾ ਸੁਧਾਰ ਹੋਇਆ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਹੋਰ ਮਿਹਨਤ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹਲਕਾ ਸਿੱਖਿਆ ਕੁਆਰਡੀਨੇਟਰ ਸ੍ਰੀ ਅਸ਼ਵਨੀ ਕੁਮਾਰ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਮੁਹਤਬਰ ਹਾਜ਼ਰ ਸਨ।