ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੱਧ ਕੀਤਾ
- ਸੂਬੇ ਨੂੰ ਨਸ਼ਾ ਮੁਕਤ ਅਤੇ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਰੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਸਹਿਯੋਗ ਕਰਨ - ਚੇਅਰਮੈਨ ਬਾਲ ਮੁਕੰਦ ਸ਼ਰਮਾ
ਰੋਹਿਤ ਗੁਪਤਾ
ਗੁਰਦਾਸਪੁਰ, 23 ਮਈ 2025 - ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੱਧ ਕੀਤਾ ਗਿਆ। ਅੱਜ ਸਵੇਰੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਪਹੁੰਚ ਕੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦਿਆਂ ਕਿਹਾ ਕਿ ਨਸ਼ੇ ਉਹ ਕੋਹੜ ਹਨ ਜੋ ਕਿਸੇ ਵੀ ਵਿਅਕਤੀ ਦਾ ਪਰਿਵਾਰਕ ਤੇ ਸਮਾਜਿਕ ਜੀਵਨ ਤਬਾਹ ਕਰਨ ਦੇ ਨਾਲ ਉਸਦੀ ਸਿਹਤ ਨੂੰ ਵੀ ਖ਼ਰਾਬ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਹਰ ਲਿਹਾਜ਼ ਨਾਲ ਮਾੜੇ ਹਨ ਅਤੇ ਇਨ੍ਹਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ।
ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਸੂਬੇ ਨੂੰ ਨਸ਼ਾ ਮੁਕਤ ਅਤੇ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਵਿੱਚ ਯੋਗਦਾਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਜਾ ਰਹੀ ਹੈ ਜੋ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰ ਰਹੀ ਹੈ। ਚੇਅਰਮੈਨ ਸ੍ਰੀ ਸ਼ਰਮਾ ਨੇ ਕਿਹਾ ਕਿ ਅੱਜ ਗੁਰਦਾਸਪੁਰ ਦੀ ਉਨ੍ਹਾਂ ਦੀ ਫੇਰੀ ਦਾ ਮਕਸਦ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ।
ਇਸ ਮੌਕੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਹਰੀ ਝੰਡੀ ਦਿਖਾ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ ਗਿਆ ਜੋ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਉਨ੍ਹਾਂ ਵੱਲੋਂ ਪੌਦੇ ਵੀ ਲਗਾਏ ਗਏ।
ਇਸ ਤੋਂ ਬਾਅਦ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਸੁਖਜਿੰਦਰ ਸਿੰਘ ਪਬਲਿਕ ਸਕੂਲ ਬੱਬਰੀ, ਸ੍ਰੀ ਗੁਰੂ ਨਾਨਕ ਅਕੈਡਮੀ ਕੰਡਿਆਲ, ਬਟਾਲਾ ਅਤੇ ਆਰ.ਡੀ.ਖੋਸਲਾ ਡੀ.ਏ.ਵੀ. ਸਕੂਲ ਬਟਾਲਾ ਵਿਖੇ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਹਿੱਸਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਜੇਸ਼ ਸ਼ਰਮਾ, ਜਗਤ ਪੰਜਾਬੀ ਸਭਾ ਦੇ ਪੰਜਾਬ ਪ੍ਰਧਾਨ ਮੁਕੇਸ਼ ਵਰਮਾ, ਉਪ ਪ੍ਰਧਾਨ ਸਰਵਣ ਸਿੰਘ ਧੰਦਲ, ਪਰਮਿੰਦਰ ਸਿੰਘ ਸੈਣੀ ਤੋਂ ਇਲਾਵਾ ਸਕੂਲਾਂ ਦੀ ਮੈਨੇਜਮੈਂਟ ਕਮੇਟੀਆਂ ਦੇ ਨੁਮਾਇੰਦੇ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ।