ਪਿੰਡ ਹੱਲਾ, ਚਾਹੀਆ, ਚਗੂੱਵਾਲ ਅਤੇ ਹਸਨਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ
ਰੋਹਿਤ ਗੁਪਤਾ
ਗੁਰਦਾਸਪੁਰ, 27 ਮਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੇ ਗਏ 'ਯੁੱਧ ਨਸ਼ੇ ਵਿਰੁੱਧ' ਤਹਿਤ ਰੋਜ਼ਾਨਾਂ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਡਿਫੈਂਸ ਕਮੇਟੀਆਂ ਦੇ ਮੈਂਬਰਾਂ, ਪੰਚਾਂ-ਸਰਪੰਚਾਂ, ਕੌਸ਼ਲਰਾਂ, ਮੌਤਬਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹੱਲਾ, ਚਾਹੀਆ, ਚਗੂੱਵਾਲ ਅਤੇ ਹਸਨਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਸ ਵਿੱਚ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸੀਨੀਅਰ ਆਪ ਆਗੂ ਸ੍ਰੀ ਧਰੁਵ ਬਹਿਲ, ਸ੍ਰੀ ਕਬੀਰ ਬਹਿਲ, ਹਲਕਾ ਕੋਆਰਡੀਨੇਟਰ ਸ੍ਰੀ ਨੀਰਜ ਸਲਹੋਤਰਾ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਹੁੰਦੇ ਹੋਏ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤੀ ਅਭਿਆਨ ਤਹਿਤ ਹਰ ਪਿੰਡ, ਸ਼ਹਿਰ ਗਲੀ ਮੁਹੱਲੇ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਕਿ ਉਹ ਨਸ਼ਾ ਵਿਕ੍ਰੇਤਾਵਾਂ ਦੀ ਸੂਚਨਾ ਬੇਖ਼ੌਫ ਹੋ ਕੇ ਦੇਣ। ਉਨ੍ਹਾਂ ਕਿਹਾ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦਾ ਨਾਮ-ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਜਕੜਨ ਵਿਚ ਆਏ ਭੋਲੇ ਭਾਲੇ ਲੋਕਾਂ ਨਾਲ ਹਮਦਰਦੀ ਨਾਲ ਨਜਿੱਠਿਆ ਜਾਵੇਗਾ, ਉਨ੍ਹਾਂ ਦੇ ਇਲਾਜ ਉੱਤੇ ਭਾਵੇਂ ਜਿਸ ਤਰਾਂ ਪ੍ਰਬੰਧ ਕਰਨੇ ਪੈਣ ਸਰਕਾਰ ਸੰਜੀਦਗੀ ਨਾਲ ਕੰਮ ਕਰੇਗੀ, ਪ੍ਰੰਤੂ ਇਹ ਮਿਸ਼ਨ ਸਿਰਫ਼ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਸਫਲ ਨਹੀਂ ਬਣਾਇਆ ਜਾ ਸਕਦਾ। ਇਸ ਵਿੱਚ ਹਰ ਨਾਗਰਿਕ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵਿਆਪਕ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਹੋਰ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਹੋਈ ਆਮਦਨ ਤੋ ਜਾਇਦਾਦਾਂ ਖੜੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਚੱਲ ਰਹੀ ਹੈ। ਕਈ ਥਾਵਾਂ ਤੋ ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਫ਼ਰਾਰ ਹੋ ਗਏ ਹਨ, ਪ੍ਰੰਤੂ ਸਰਕਾਰ ਵੱਲੋਂ ਅਜਿਹੇ ਦੋਸ਼ੀਆਂ ਨੂੰ ਹੁਣ ਬਖ਼ਸ਼ਣ ਦੀ ਥਾਂ ਜੇਲ੍ਹਾਂ ਦੇ ਅੰਦਰ ਡੱਕਿਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਕਬੀਰ ਬਹਿਲ ਵੱਲੋਂ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।