ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ, ਪੜ੍ਹੋ ਵੇਰਵੇ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 28 ਮਈ, 2025: ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਪੰਜਾਂ ਤਖ਼ਤਾਂ ਦੀ ਯਾਤਰਾ ਕਰਨ ਦੇ ਇੱਛੁਕ ਸ਼ਰਧਾਲੂਆਂ ਵਾਸਤੇ ਇਕ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਪ੍ਰਗਟਾਵਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਵਿਜੇ ਸਤਬੀਰ ਸਿੰਘ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਦਿੱਤੀ। ਉਹਨਾਂ ਦੇ ਨਾਲ ਉਹਨਾਂ ਦੇ ਸਲਾਹਕਾਰ ਜਸਵੰਤ ਸਿੰਘ ਬੌਬੀ (ਦਿੱਲੀ) ਵੀ ਰੇਲ ਭਵਨ ਦਿੱਲੀ ਵਿਚ ਹੋਈ ਇਸ ਮੁਲਾਕਾਤ ਦੌਰਾਨ ਹਾਜ਼ਰ ਸਨ।
ਇਸ ਰੇਲ ਗੱਡੀ ਰਾਹੀਂ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਸਕਣਗੀਆਂ।