ਨਸ਼ਿਆਂ 'ਤੇ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
ਹੁਸ਼ਿਆਰਪੁਰ/ਗੜ੍ਹਸ਼ੰਕਰ, 28 ਮਈ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਭਰ ਵਿਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰਾਵਾਂ ਵਿਚ ਸਥਾਨਕ ਆਗੂ, ਪ੍ਰਸ਼ਾਸਨਿਕ ਅਧਿਕਾਰੀ, ਨੌਜ਼ਵਾਨ ਅਤੇ ਆਮ ਨਾਗਰਿਕ ਉਤਸ਼ਾਹਪੂਰਵਕ ਹਿੱਸਾ ਲੈਣ ਰਹੇ ਹਨ। ਗੜ੍ਹਸ਼ੰਕਰ ਤੋਂ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡਾਂ ਬੀਹੜਾ,ਕੁੱਕੜਾ, ਬੱਠਲਾ, ਹੇਲਰਾਂ, ਜਸੋਵਾਲ ਅਤੇ ਜੀਵਨਪੁਰ ਜੱਟਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਨੌਜ਼ਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ| ਉਨ੍ਹਾਂ ਪਿੰਡ ਪੱਧਰੀ ਰੱਖਿਆ ਕਮੇਟੀਆਂ ਨੂੰ ਅਪੀਲ ਕੀਤਾ ਕਿ ਉਹ ਯਕੀਨੀ ਬਣਾਉਣ ਕਿ ਕੋਈ ਵੀ ਬਾਹਰੀ ਜਾਂ ਅੰਦਰੂਨੀ ਵਿਅਕਤੀ ਪਿੰਡਾਂ ਵਿਚ ਨਸ਼ਾ ਸਪਲਾਈ ਨਾ ਕਰ ਸਕੇ। ਉਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਨੌਜਵਾਨ ਨਸ਼ਾ ਕਰ ਰਹੇ ਰਹੇ ਹਨ, ਉਹ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ।
ਅਖੀਰ ਵਿਚ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ ਅਤੇ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋ ਤੱਕ ਸਮਾਜ ਨੂੰ ਨਸ਼ਿਆਂ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਕਰ ਦਿੱਤਾ ਜਾਂਦਾ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਵਿਚ ਸਹਿਯੋਗ ਦੇਣ।