ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ
-ਵਿਧਾਇਕ ਨੇ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਕੋਲ ਉਠਾਇਆ ਮੁੱਦਾ
-ਐਨ.ਐਚ.ਏ.ਆਈ ਤਹਿਤ ਆਉਣ ਵਾਲੀ ਊਨਾ ਰੋਡ ਦੀ ਮੁਰੰਮਤ ਦਾ ਕੰਮ 10 ਦਿਨਾਂ ‘ਚ ਹੋ ਜਾਵੇਗਾ ਸ਼ੁਰੂ
ਹੁਸ਼ਿਆਰਪੁਰ, 28 ਮਈ :
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਪਈ ਊਨਾ ਰੋਡ ਦੀ ਜਲਦ ਹੀ ਮੁਰੰਮਤ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਵਿਸ਼ੇ ਵਿਚ ਕੇਂਦਰ ਸਰਕਾਰ ਦੇ ਸੀਨੀਅਰ ਅਧਿਕਾਰੀ ਐਸ.ਕੇ ਮਿਸ਼ਰਾ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਹੈ। ਉਨ੍ਹਾਂ ਨੇ ਸੜਕ ਦੀ ਮਾੜੀ ਹਾਲਤ ਅਤੇ ਇਸ ਕਾਰਨ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਸ੍ਰੀ ਮਿਸ਼ਰਾ ਨੇ ਵਿਧਾਇਕ ਜਿੰਪਾ ਨੂੰ ਭਰੋਸਾ ਦਿੱਤਾ ਕਿ ਇਹ ਸੜਕ ਦਾ ਕੰਮ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਦੇ ਅਧੀਨ ਆਉਂਦਾ ਹੈ ਅਤੇ ਇਸ ਦੀ ਮੁਰੰਮਤ ਦਾ ਕੰਮ ਆਉਂਦੇ 10 ਦਿਨਾਂ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦਾ ਇਸ ਤੁਰੰਤ ਕਾਰਵਾਈ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਮੇਰੀ ਪਹਿਲੀ ਵਚਨਬੱਧਤਾ ਹੈ। ਮੈਂ ਹਰੇਕ ਪੱਧਰ ‘ਤੇ ਯਤਨ ਕਰ ਰਿਹਾ ਹਾਂ ਕਿ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਮਿਲਣ। ਉਨ੍ਹਾਂ ਅੱਗੇ ਕਿਹਾ ਕਿ ਊਨਾ ਰੋਡ 'ਤੇ ਹਾਦਸਿਆਂ ਅਤੇ ਟ੍ਰੈਫਿਕ ਜਾਮ ਨੇ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਅਜਿਹੀ ਸਥਿਤੀ ਵਿਚ ਇਹ ਕੰਮ, ਜੋ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ, ਜਨਤਾ ਲਈ ਇਕ ਰਾਹਤ ਦਾ ਤੋਹਫ਼ਾ ਹੈ।
ਵਿਧਾਇਕ ਨੇ ਲੋਕਾਂ ਨੂੰ ਉਸਾਰੀ ਕਾਰਜ ਦੌਰਾਨ ਸਬਰ ਅਤੇ ਸਹਿਯੋਗ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਤਾਂ ਜੋ ਕੰਮ ਸਮੇਂ ਸਿਰ ਅਤੇ ਸੁਰੱਖਿਅਤ ਢੰਗ ਨਾਲ ਪੂਰਾ ਕੀਤਾ ਜਾ ਸਕੇ।