ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ - ਵਿਧਾਇਕ ਰੰਧਾਵਾ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਸਕੂਲਾਂ ‘ਚ ਮੁਕੰਮਲ ਹੋਏ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 28 ਮਈ- ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਦਸ਼ਾ ਤੇ ਦਿਸ਼ਾ ਨੂੰ ਬਦਲ ਕੇ ਰੱਖ ਦਿੱਤਾ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਪੱਖੋਂ ਸੂਬੇ ਦੇ ਸਕੂਲ ਪੂਰੇ ਦੇਸ਼ ਵਿਚੋਂ ਸਭ ਤੋਂ ਖ਼ੂਬਸੂਰਤ ਬਣ ਗਏ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੋਗੋਵਾਲ ਬੇਦੀਆਂ, ਸਰਕਾਰੀ ਪ੍ਰਾਇਮਰੀ ਸਕੂਲ, ਪੰਨਵਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਮੀਆਂ ਸਾਹਿਬ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਵਿੱਚ ਸਿੱਖਿਆ ਖੇਤਰ ਨੂੰ ਮਿਸਾਲੀ ਬਣਾਉਣਾ ਪਹਿਲ ਦੇ ਅਧਾਰ ਉੱਤੇ ਸ਼ਾਮਲ ਸੀ, ਜਿਸ ਨੂੰ ਪੂਰਾ ਕਰਨ ਹਿਤ ਸਰਕਾਰ ਨੇ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਤੇ ਅੱਜ ਉਸ ਮਿਹਨਤ ਨੂੰ ਬੂਰ ਪਿਆ ਹੈ ਤੇ ਸਕੂਲਾਂ ਵਿੱਚ ਜਿਹੜੀਆਂ ਵੀ ਕਮੀਆਂ ਸਨ, ਉਹ ਪੂਰੀਆਂ ਕਰ ਕੇ ਸਕੂਲਾਂ ਨੂੰ ਮਿਸਾਲੀ ਬਣਾਇਆ ਜਾ ਰਿਹਾ ਹੈ।
ਸ. ਰੰਧਾਵਾ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੀ ਹੈ।