ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਲੋੜੀਂਦੀ ਕੋਸ਼ਿਸ਼ ਕਰਾਂਗੇ - ਵਿਧਾਇਕ ਚੱਢਾ
ਵਿਧਾਇਕ ਚੱਢਾ ਨੇ ਵੱਖ-ਵੱਖ ਸਕੂਲਾਂ 'ਚ 81 ਲੱਖ 98 ਹਜ਼ਾਰ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਕੀਤਾ ਸਪੁਰਦ
ਰੂਪਨਗਰ, 28 ਮਈ 2025: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 81 ਲੱਖ 98 ਹਜ਼ਾਰ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਮੌਕੇ ਕੀਤਾ।
ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵਿਖੇ 62.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਵਿਕਾਸ ਕਾਰਜ, ਸਰਕਾਰੀ ਮਿਡਲ ਸਕੂਲ ਸਦਾਵਰਤ ਵਿਖੇ 7.51 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਕਲਾਸਰੂਮ, ਸਰਕਾਰੀ ਮਿਡਲ ਸਕੂਲ ਲੋਹਗੜ੍ਹ ਫਿੱਡੇ ਵਿਖੇ 8.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਰੈਲੋਂ ਖੁਰਦ 3.22 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਸਿੱਖਿਆ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਤਰ੍ਹਾਂ-ਤਰ੍ਹਾਂ ਦੀਆਂ ਸਿਖਲਾਈ ਯੋਜਨਾਵਾਂ ਅਪਣਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਹੁਣ ਅਧਿਆਪਕਾਂ ਨੂੰ ਸਾਡੇ ਦੇਸ਼ ਦੀਆਂ ਹੀ ਨਹੀਂ ਸਗੋਂ ਵਿਦੇਸ਼ਾਂ ਦੀਆਂ ਆਧੁਨਿਕ ਤੇ ਬਿਹਤਰੀਨ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ ਸੌਰ ਊਰਜਾ ਪੈਦਾ ਕਰਨ ਲਈ ਸੋਲਰ ਪੈਨਲ, ਸਕੂਲੀ ਵਿਦਿਆਰਥੀਆਂ ਲਈ ਬੱਸ ਸੁਵਿਧਾ, ਸਕਿਉਰਿਟੀ ਗਾਰਡ, ਚੌਕੀਦਾਰ, ਮਜ਼ਬੂਤ ਚਾਰਦੀਵਾਰੀ ਸਮੇਤ ਹਰ ਲੋੜੀਂਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।
ਵਿਧਾਇਕ ਚੱਢਾ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉਚੇਰੀ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਹੀ ਸਨ ਕਿ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ’ਚ ਪਹੁੰਚ ਗਏ ਸਨ। ਪਰ ਹੁਣ ਲੋਕ ਦੁਬਾਰਾ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪੜ੍ਹਾਉਣ ਲਈ ਅੱਗੇ ਆ ਰਹੇ ਹਨ।
ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜ ਕੁਮਾਰ ਖੋਸਲਾ, ਪ੍ਰਿੰਸੀਪਲ ਇੰਦੂ, ਜਸਵੀਰ ਸਿੰਘ, ਗੁਰਮੇਲ ਸਿੰਘ ਥਲੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।