ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਨਹੀਂ ਛੱਡੀ ਜਾ ਰਹੀ ਕੋਈ ਕਸਰ : ਜਗਰੂਪ ਸਿੰਘ ਸੇਖਵਾਂ
ਰੋਹਿਤ ਗੁਪਤਾ
ਗੁਰਦਾਸਪੁਰ, 28 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋ ਰਹੀ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਿੰਬਲੀ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਮਾਰਟ ਕਲਾਸ ਰੂਮ, ਆਧੂਨਿਕ ਸਾਇੰਸ ਲੈਬਾਂ, ਲਾਇਬ੍ਰੈਰੀਆਂ, ਸਾਫ਼ ਪੀਣ ਵਾਲਾ ਪਾਣੀ, ਹਾਈ ਸਪੀਡ ਵਾਈ-ਫਾਈ ਕੁਨੈਕਸ਼ਨ, ਡੈਸਕ ਤੇ ਕੁਰਸੀਆਂ, ਚਾਰਦੀਵਾਰੀ ਅਤੇ ਹੋਰ ਸਹੂਲਤਾਂ ਸ਼ਾਮਲ ਹਨ।
ਇਸ ਮੌਕੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਜਿੱਥੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ, ਉੱਥੇ ਹੀ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਅਤੇ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਨੂੰ ਹੋਰ ਵਧੀਆ ਬਣਾਉਣ ਲਈ ਸਰਕਾਰ ਵੱਲੋਂ ਯਤਨ ਹੋਰ ਤੇਜ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਹੀ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਨੂੰ ਤਰਜੀਹੀ ਖੇਤਰਾਂ ਵਜੋਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਲਈ ਬਜਟ ਵਿੱਚ 12 ਫ਼ੀਸਦੀ ਵਾਧਾ ਕਰ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਪਿੰਡ ਦੇ ਮੋਹਤਬਰਾਂ ਸਮੇਤ ਵੱਡੀ ਗਿਣਤੀ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।