ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ ਸ਼ਹੀਦੀ ਸਮਾਗਮ ਦੇ ਪ੍ਰਬੰਧਾਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀਆਂ ਮੀਟਿੰਗਾਂ
ਅੰਮ੍ਰਿਤਸਰ, 28 ਮਈ 2025 - ਜੂਨ 1984 ਵਿਚ ਭਾਰਤ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਧਾਮਾਂ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਸਾਲਾਨਾ ਯਾਦ ਵਿਚ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੱਖ-ਵੱਖ ਮੀਟਿੰਗਾਂ ਕਰਕੇ ਪ੍ਰਬੰਧਾਂ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ।
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਕੌਮ ’ਤੇ ਹੋਏ ਜੁਲਮ ਦੀ ਦਾਸਤਾਨ ਜੂਨ 1984 ਦਾ ਘੱਲੂਘਾਰਾ ਹਰ ਸਾਲ ਕੌਮ ਨੂੰ ਪੀੜਾ ਦਿੰਦਾ ਹੈ ਕਿਉਂਕਿ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਸਿੱਖ ਵਿਰੋਧੀ ਇਸ ਕਰੂਰਕਾਰੇ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਮੌਕਾ ਹੈ, ਜਿਸ ਨੂੰ ਇਸ ਦੀ ਭਾਵਨਾ ਅਨੁਸਾਰ ਯਾਦ ਕਰਨਾ ਕੌਮ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਆਖਿਆ ਕਿ ਸਮੁੱਚੀ ਕੌਮ ਦਾ ਫ਼ਰਜ਼ ਹੈ ਕਿ ਉਹ ਆਪਣੇ ਸ਼ਹੀਦਾਂ ਨੂੰ ਯਾਦ ਕਰਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਧਿਆਨ ਵਿਚ ਰੱਖਦੇ ਹੋਏ ਸਮਾਗਮਾਂ ਵਿਚ ਸ਼ਮੂਲੀਅਤ ਕਰੇ।