ਰਵਿੰਦਰ ਹੰਸ ਨੇ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੇ ਮੈਂਬਰ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ
ਅੰਮ੍ਰਿਤਸਰ 28 ਮਈ 2025 - ਰਵਿੰਦਰ ਹੰਸ ਵਾਸੀ ਈਸਟ ਮੋਹਨ ਨਗਰ ਅੰਮ੍ਰਿਤਸਰ ਵਲੋਂ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਵਿੱਚ ਮੈਂਬਰ ਡਾਇਰੈਕਟਰ ਵਜੋਂ ਡਾ. ਇੰਦਰਬੀਰ ਸਿੰਘ ਨਿੱਝਰ, ਵਿਧਾਇਕ, ਅੰਮ੍ਰਿਤਸਰ ਸਾਊਥ, ਸ਼੍ਰੀ ਗੁਰਦੀਪ ਸਿੰਘ ਲੱਖਣਾ, ਚੇਅਰਮੈਨ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਸ਼੍ਰੀ ਸੰਨੀ ਅਹਿਲੂਵਾਲੀਆ, ਚੇਅਰਮੈਨ ਪੰਜਾਬ ਸਟੇਟ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਅਤੇ, ਸਮੇਤ ਹੋਰ ਪਤਵੰਤੇ ਵਿਅਕਤੀਆਂ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਿਆ ਹੈ।
ਰਵਿੰਦਰ ਹੰਸ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਿਗਮ ਦੇ ਵਿਕਾਸ ਅਤੇ ਪੰਜਾਬ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਕਾਸ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿੱਚ, ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਸਿੱਖਿਆ, ਸਿਹਤ, ਅਤੇ ਰੁਜ਼ਗਾਰ ਨਾਲ ਜੁੜੀਆਂ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਜੋ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਮੌਕਾ ਪ੍ਰਦਾਨ ਕਰਦੀਆਂ ਹਨ।
ਦੱਸਣਯੋਗ ਹੈ ਕਿ ਅਨੁਸੂਚਿਤ ਜਾਤੀਆਂ ਭੂਮੀ ਵਿਕਾਸ ਅਤੇ ਵਿੱਤ ਨਿਗਮ, ਪੰਜਾਬ ਦੀ ਸਥਾਪਨਾ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ। ਇਹ ਨਿਗਮ ਅਨੁਸੂਚਿਤ ਜਾਤੀਆਂ ਦੇ ਵਿਅਕਤੀਆਂ ਨੂੰ ਵਿੱਤੀ ਸਹਾਇਤਾ, ਰੁਜ਼ਗਾਰ ਦੇ ਮੌਕੇ, ਅਤੇ ਸਵੈ-ਰੁਜ਼ਗਾਰ ਸੰਬੰਧੀ ਯੋਜਨਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਨਿਗਮ ਦੀਆਂ ਸਕੀਮਾਂ ਵਿੱਚ ਛੋਟੇ ਅਤੇ ਮੱਧਮ ਉਦਯੋਗਾਂ, ਅਤੇ ਹੋਰ ਵਪਾਰਕ ਗਤੀਵਿਧੀਆਂ ਲਈ ਘੱਟ ਵਿਆਜ ਦਰਾਂ 'ਤੇ ਕਰਜ਼ੇ ਅਤੇ ਸਬਸਿਡੀਆਂ ਸ਼ਾਮਲ ਹਨ, ਜਿਸ ਨਾਲ ਅਨੁਸੂਚਿਤ ਜਾਤੀਆਂ ਦੇ ਲੋਕ ਆਰਥਿਕ ਤੌਰ 'ਤੇ ਸੁਤੰਤਰ ਅਤੇ ਸਸ਼ਕਤ ਹੋ ਸਕਣ।
ਇਸ ਮੌਕੇ 'ਤੇ, ਸ਼੍ਰੀ ਰਵਿੰਦਰ ਹੰਸ ਨੇ ਸਰਕਾਰ ਦੀਆਂ ਇਨ੍ਹਾਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਮੁੱਖ ਮੰਤਰੀ ਦੇ ਵਿਜ਼ਨ ਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।