ਹਲਕਾ ਮਾਲੇਰਕੋਟਲਾ ਦੇ ਹਕੀਮਪੁਰਾ, ਅਖਤਿਆਰਪੁਰਾ ਅਤੇ ਹੂਸੈਨਪੁਰਾ ਪਿੰਡਾਂ ਵਿੱਚ ਪੁਜੀ ਨਸ਼ਾ ਮੁਕਤੀ ਯਾਤਰਾ
• ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਦਿੱਤਾ ਸੱਦਾ ਅਤੇ ਕਿਹਾ ਇਹ ਯਾਤਰਾ ਨਸ਼ਾ ਮੁਕਤੀ ਲਈ ਅਹਿਮ ਭੂਮਿਕਾ ਨਿਭਾਏਗੀ - ਵਿਧਾਇਕ ਮਾਲੇਰਕੋਟਲਾ
• ਕਿਹਾ, ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ
ਮਾਲੇਰੋਕਟਲਾ 28 ਮਈ 2025 - ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਵਿਧਾਇਕ ਡਾ ਜਮੀਲ ਉਰ ਰਹਿਮਾਨ ਵੱਲੋਂ ਪਿੰਡ ਹਕੀਮਪੁਰਾ ਵਿਖੇ ਲੋਕ ਮਿਲਣੀ ਕੀਤੀ। ਇਸ ਉਪਰੰਤ ਇਹ ਲੋਕ ਮਿਣਤੀ ਪਿੰਡ ਅਖਤਿਆਰਪੁਰਾ ਅਤੇ ਹੂਸੇਨਪੁਰਾ ਵਿਖੇ ਪੁੱਜ ਕੇ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰੇਗੀ।
ਡਾ ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੈ। ਇਹ ਯਾਤਰਾ ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਵਿਧਾਇਕ ਮਾਲੇਰਕੋਟਲਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਈਏ। ਉਨ੍ਹਾਂ ਦੁਹਰਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਮੁਹਿੰਮ ਨਿਰਣਾਇਕ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ, ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨਸ਼ਿਆਂ ਤੋਂ ਸਭਨਾਂ ਨੂੰ ਦੂਰ ਰਹਿਣਾ ਚਾਹੀਦਾ ਹੈ ਅਤੇ ਸਾਡੇ ਆਸ-ਪਾਸ ਜਿਹੜਾ ਵੀ ਵਿਅਕਤੀ ਨਸ਼ਿਆਂ ਦੀ ਦਲਦਲ ਵਿਚ ਫਸਿਆ ਹੋਇਆ ਹੈ, ਉਸ ਨੂੰ ਸਹੀ ਰਾਹ ਉੱਤੇ ਲੈ ਕੇ ਆਉਣ ਲਈ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਜਾਂ ਸੌਦਾਗਰਾਂ ਦੀ ਜਾਣਕਾਰੀ ਤੁਰੰਤ ਬਿਨਾਂ ਕਿਸੇ ਡਰ ਦੇ ਪੁਲੀਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਹੁਣ ਪੰਜਾਬ ਸਰਕਾਰ ਦਾ ਸਾਥ ਦਿੰਦੀ ਹੋਈ ਨਸ਼ਿਆਂ ਦਾ ਖਾਤਮਾ ਕਰ ਕੇ ਹੀ ਦਮ ਲਵੇਗੀ।
ਇਸ ਮੌਕੇ ਸਰਪੰਚ ਪਰਮਜੀਤ ਕੌਰ,ਸਾਬਕਾ ਚੇਆਰਮੈਨ ਹਰਬੰਸ ਸਿੰਘ ਖਟੜਾ, ਸੈਕਟਰੀ ਰਾਜਿੰਦਰ ਸਿੰਘ, ਪੰਚਾਇਤ ਅਫਸਰ ਰਾਜਿੰਦਰ ਕੁਮਾਰ ਗੋਗੀ, ਇੰਸਪੈਕਟਰ ਗਗਨਦੀਪ ਸਿੰਘ ਧੂਰੀ, ਬਲਾਕ ਪ੍ਰਧਾਨ ਜਰਨੈਲ ਸਿੰਘ, ਆਪ ਆਗੂ ਰਮਨ ਖਟੜਾ, ਆਪ ਆਗੂ ਰਾਜੂ ਕੁਠਾਲਾ, ਹਰੀਪਾਲ ਸਿੰਘ ਕਸਬਾ ਭੁਰਾਲ, ਮਨਰੇਗਾ ਸੈਕਟਰੀ ਬਿੱਕਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ।