10,000 ਰੁਪਏ ਰਿਸ਼ਵਤ ਲੈਂਦਾ ਅਸਿਸਟੈਂਟ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ 28 ਮਈ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਇੱਕ ਆਰਕੀਟੈਕਟ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਗੁਰਦਾਸਪੁਰ ਸ਼ਹਿਰ ਵਿੱਚ ਆਪਣੇ ਪ੍ਰੋਜੈਕਟ ਲਈ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਇਸ ਸਬੰਧੀ ਫਾਈਲ ਨੂੰ ਸ਼ੁਰੂ ਵਿੱਚ ਬਿਲਡਿੰਗ ਇੰਸਪੈਕਟਰ ਅਤੇ ਡਰਾਫਟਸਮੈਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ ਬਾਅਦ ਵਿੱਚ ਅੰਤਿਮ ਪ੍ਰਵਾਨਗੀ ਲਈ ਉਕਤ ਏ.ਟੀ.ਪੀ. ਕੋਲ ਭੇਜ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਜਾਣਬੁੱਝ ਕੇ ਬੇਲੋੜੇ ਇਤਰਾਜ਼ ਉਠਾਏ ਅਤੇ ਫਾਈਲ ਨੂੰ ਮਨਜ਼ੂਰੀ ਦੇਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਟੀ.ਪੀ. ਚਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।