ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ
ਪਿੰਡ ਸੋਹਣਾ ਸਾਂਦੜ, ਨੁਕੇਰੀਆ, ਮੰਡੀ ਰੋੜਾਂ ਵਾਲੀ, ਮਸਤੂ ਵਾਲਾ ਵਿਖੇ ਲੋਕਾਂ ਨੂੰ ਨਸ਼ਿਆਂ ਖਿਲਾਫ ਜੰਗ ਲੜਨ ਲਈ ਕੀਤਾ ਪ੍ਰੇਰਿਤ
ਜਲਾਲਾਬਾਦ 29 ਮਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਕੰਬੋਜ ਗੋਲਡੀ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਗਰੂਕਤਾ ਸਭਾਵਾਂ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਖੇਡ ਕਿਟਾਂ ਮੁਹੱਈਆ ਕਰਵਾ ਕੇ ਖੇਡਾਂ ਦੇ ਰਾਹੇ ਪਾਇਆ ਜਾ ਰਿਹਾ ਹੈ।
‘ਨਸ਼ਾ ਮੁਕਤੀ ਯਾਤਰਾ’ ਤਹਿਤ ਹੋ ਰਹੀਆਂ ਇਹਨਾਂ ਜਾਗਰੂਕਤਾ ਸਭਾਵਾਂ ਦੀ ਲੜੀ ਵਿੱਚ ਵਿਧਾਇਕ ਜਲਾਲਾਬਾਦ ਨੇ ਪਿੰਡ ਸੋਹਣਾ ਸਾਂਦੜ, ਨੁਕੇਰੀਆ, ਮੰਡੀ ਰੋੜਾਂ ਵਾਲੀ, ਮਸਤੂ ਵਾਲਾ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ। ਉਨਾਂ ਕਿਹਾ ਕਿ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਕਰਨ ਦਾ ਇਹ ਸਹੀ ਵੇਲਾ ਹੈ, ਜਿਸ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਾਰੇ ਲੋਕਾਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਉਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਗਲਤ ਤਰੀਕੇ ਨਾਲ ਬਣਾਈਆਂ ਪ੍ਰਾਪਰਟੀਆਂ ਨੂੰ ਰੋਜ਼ਾਨਾ ਦੇ ਆਧਾਰ ’ਤੇ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਦੇ ਲਈ ਵੇਖੇ ਗਏ ਟੀਚੇ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।
ਉਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਦੀ ਭਰਪੂਰ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਖੁਦ ਨਸ਼ਿਆਂ ਵਰਗੀ ਭੈੜੀ ਲਾਹਣਤ ਦਾ ਸਫਾਇਆ ਕਰਨ ਲਈ ਸਰਗਰਮ ਹਨ। ਇਸ ਮੌਕੇ ਪਿੰਡਾਂ ਦੇ ਨਿਵਾਸੀਆਂ ਨੇ ਨਸ਼ੇ ਦਾ ਖਾਤਮਾ ਕਰਨ ਦਾ ਪ੍ਰਣ ਵੀ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।