ਵਿਧਾਇਕ ਜਿੰਪਾ ਨੇ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 31 ਮਈ:
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੋਚਪੁਰ ਵਿਖੇ 6 ਲੱਖ ਰੁਪਏ ਦੀ ਲਾਗਤ ਨਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਖੇਤਰ ਦਾ ਸਿੱਖਿਆ ਢਾਂਚਾ ਮਜ਼ਬੂਤ ਹੋਵੇਗਾ ਅਤੇ ਵਿਦਿਆਰਥੀਆਂ ਨੂੰ ਬਿਹਤਰ ਵਿਦਿਅਕ ਸਹੂਲਤਾਂ ਮਿਲਣਗੀਆਂ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਨਿਰੰਤਰ ਸੁਧਾਰ ਅਤੇ ਵਿਕਾਸ ਸਾਡੇ ਬੱਚਿਆਂ ਦੇ ਰੋਸ਼ਨ ਭਵਿੱਖ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਕੂਲਾਂ ਵਿਚ ਮਿਆਰੀ ਸਹੂਲਤਾਂ ਪ੍ਰਦਾਨ ਕਰਕੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਹੈ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਤੁਰੰਤ ਲਾਭ ਮਿਲ ਸਕੇ। ਵਿਧਾਇਕ ਨੇ ਸਾਰੇ ਅਧਿਆਪਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਥਾਨਕ ਨਾਗਰਿਕਾਂ ਨੂੰ ਸਿੱਖਿਆ ਕ੍ਰਾਂਤੀ ਨੂੰ ਸਫਲ ਬਣਾਉਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ ਮੌਜੂਦ ਲੋਕਾਂ ਨੇ ਵਿਧਾਇਕ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਵਿਕਾਸ ਕਾਰਜ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨਗੇ ਅਤੇ ਬੱਚਿਆਂ ਦੇ ਭਵਿੱਖ ਨੂੰ ਬਣਾਉਣ ਵਿੱਚ ਮਦਦਗਾਰ ਸਾਬਤ ਹੋਣਗੇ।
ਇਸ ਮੌਕੇ ਸਰਪੰਚ ਨਿਸ਼ਾ ਰਾਣੀ, ਸਰਪੰਚ ਰੇਸ਼ਮ ਸਿੰਘ ਬੱਸੀ ਅਲੀ ਖਾਂ, ਬਲਜੀਤ ਕੌਰ, ਕੁਲਵਿੰਦਰ ਕੌਰ, ਹਰਜੀਤ ਕੌਰ, ਗੋਪੀ, ਰਾਮ ਸਿੰਘ, ਵਿਜੇ ਕੁਮਾਰ, ਪ੍ਰਿੰਸੀਪਲ ਰਾਕੇਸ਼ ਕੁਮਾਰ, ਅਜਮੇਰ ਸਿੰਘ, ਵਿਵੇਕ ਸੇਤੀ, ਸਰਪੰਚ ਜਹਾਨਖੇਲਾਂ ਕੁਲਦੀਪ ਕੁਮਾਰ, ਬਾਲ ਕ੍ਰਿਸ਼ਨ, ਬਲਵਿੰਦਰ ਅਤੇ ਹੋਰ ਵੀ ਕਈ ਪਤਵੰਤੇ ਹਾਜ਼ਰ ਸਨ |