ਪਟਾਕਾ ਫੈਕਟਰੀ ਦੇ ਜ਼ਖਮੀਆਂ ਦਾ ਹਾਲ ਚਾਲ ਜਾਨਣ ਮੌਕੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ ,31 ਮਈ 2025:ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਫਤੂਹੀਵਾਲਾ ਵਿਖੇ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਦੌਰਾਨ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਡੂੰਘਾ ਦੁੱਖ ਪ੍ਰਗਟਾਉਂਦਿਆਂ ਖੇਤੀਬਾੜੀ ਮੰਤਰੀ ਵੱਲੋਂ ਮਿਰਤਕਾਂ ਦੇ ਵਾਰਸਾਂ ਨੂੰ ਦੋ ਦੋ ਲੱਖ ਰੁਪਏ ਦਾ ਮੁਆਵਜ਼ਾ ਦੇਣ ਨੂੰ ਨਾਕਾਫੀ ਕਰਾਰ ਦਿੱਤਾ ਹੈ । ਏਮਜ਼ ਹਸਪਤਾਲ ਬਠਿੰਡਾ ਵਿੱਚ ਮਜ਼ਦੂਰਾਂ ਦਾ ਹਾਲ ਚਾਲ ਜਾਨਣ ਆਏ ਮਜ਼ਦੂਰ ਆਗੂ ਨੇ ਪੀੜਤ ਪਰਿਵਾਰਾਂ ਨੂੰ ਘੱਟ ਤੋਂ ਘੱਟ 10-10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਤੇ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਵੱਲੋਂ ਏਮਜ਼ ਚ ਦਾਖ਼ਲ ਮਰੀਜ਼ਾਂ ਤੇ ਉਹਨਾਂ ਦੇ ਵਾਰਸਾਂ ਨੂੰ ਮਿਲ ਕੇ ਉਹਨਾਂ ਦਾ ਹਾਲ ਚਾਲ ਪੁੱਛਿਆ ਗਿਆ। ਉਹਨਾਂ ਏਮਜ਼ ਦੇ ਮੈਡੀਕਲ ਸੁਪਰਡੈਂਟ ਡਾਕਟਰ ਸ੍ਰੀ ਰਾਜੀਵ ਕੁਮਾਰ ਨਾਲ਼ ਗੱਲ ਕਰਕੇ ਜ਼ਖਮੀਆਂ ਦੇ ਚੱਲ ਰਹੇ ਇਲਾਜ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ।
ਜ਼ਖਮੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਕਰਦਿਆਂ ਆਖਿਆ ਆਪ ਸਰਕਾਰ ਦੇ ਰਾਜ ਚ ਐਨੀ ਵੱਡੀ ਫੈਕਟਰੀ ਦਾ ਬਿਨਾਂ ਮਨਜ਼ੂਰੀ ਚੱਲਦੇ ਰਹਿਣਾ ਸਰਕਾਰ ਦੀਆਂ ਸੂਹੀਆਂ ਏਜੰਸੀਆਂ ਅਤੇ ਪੁਲਿਸ ਪ੍ਰਸ਼ਾਸਨ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ।
ਉਹਨਾਂ ਕਿਹਾ ਕਿ ਫੈਕਟਰੀ ਮਾਲਕ ਦਾ ਆਪ ਪਾਰਟੀ ਨਾਲ਼ ਗੂੜ੍ਹਾ ਰਿਸ਼ਤਾ ਇਸ ਗੈਰ ਕਾਨੂੰਨੀ ਫੈਕਟਰੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਇਸ ਧੰਦੇ ਨੂੰ ਰੋਕਣ ਚ ਅੜਿੱਕਾ ਬਣਿਆ ਜਾਪਦਾ ਹੈ ਜਿਸਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ । ਉਹਨਾਂ ਫੈਕਟਰੀ ਮਾਲਕ ਤੋਂ ਇਲਾਵਾ ਇਸ ਮਾਮਲੇ ਚ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ ਹੈ। ਦੂਜ਼ੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਪਾਸ਼ ਸਿੰਘ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਕਾਲਾ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਬਾਦਲ ਹਸਪਤਾਲ ਵਿਚ ਦਾਖਲ ਜ਼ਖਮੀਆਂ ਦਾ ਹਾਲ ਚਾਲ ਪੁੱਛਣ ਤੋਂ ਇਲਾਵਾ ਹਸਪਤਾਲ ਦੇ ਡਾਕਟਰਾਂ ਨਾਲ਼ ਵੀ ਮੁਲਾਕਾਤ ਕਰਕੇ ਪੀੜਤਾਂ ਦੇ ਇਲਾਜ ਸਬੰਧੀ ਜਾਣਕਾਰੀ ਹਾਸਿਲ ਕੀਤੀ । ਇਸ ਮੌਕੇ ਕਿਸਾਨ ਆਗੂ ਦਲਜੀਤ ਸਿੰਘ ਮਿਠੜੀ ਤੇ ਰਾਮਪਾਲ ਗੱਗੜ ਸਮੇਤ ਵੱਡੀ ਗਿਣਤੀ ਵਰਕਰ ਹਾਜ਼ਰ ਸਨ।