ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ-ਵਿਧਾਇਕ ਡਾ. ਚਰਨਜੀਤ ਸਿੰਘ
ਪਿੰਡ ਦਤਾਰਪੁਰ, ਮਡੋਲੀ ਕਲਾਂ ਅਤੇ ਭਾਗੋਵਾਲ ਵਿਖੇ ਕੀਤੀ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ
ਮੋਰਿੰਡਾ, 01 ਜੂਨ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਪਿੰਡ ਦਤਾਰਪੁਰ (ਦਤਾਰਪੁਰ, ਸ਼ਾਹਪੁਰ, ਰਤਨਗੜ੍ਹ), ਮਡੋਲੀ ਕਲਾਂ (ਮਡੋਲੀ ਕਲਾਂ, ਮਡੋਲੀ ਖੁਰਦ, ਰਾਮਗੜ੍ਹ ਮੰਡਾਂ) ਅਤੇ ਭਾਗੋਵਾਲ (ਭਾਗੋਵਾਲ, ਚਰਹੇੜੀ, ਬਹਿਡਾਲੀ, ਬੰਨ੍ਹਮਾਜਰਾ) ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰਦਿਆਂ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਨ੍ਹਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।
ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਨਾਲ ਬੀਡੀਪੀਓ ਮੋਰਿੰਡਾ ਹਰਕੀਤ ਸਿੰਘ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਬੀਰਦਵਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ, ਪਿੰਡਾਂ ਦੇ ਸਰਪੰਚ, ਪਾਰਟੀ ਦੇ ਨੁਮਾਇੰਦੇ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜਰ ਸਨ।