ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਜਾਰੀ
-92 ਦਿਨਾਂ ਵਿਚ ਗ੍ਰਿਫਤਾਰ ਕੀਤੇ 14944 ਨਸ਼ਾ ਤਸ਼ਕਰ-ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 2 ਜੂਨ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਤਹਿਤ ਅੱਜ ਨਵਾਂ ਸਲੇਮ ਸ਼ਾਹ, ਗਾਗਨ ਕੇ ਅਤੇ ਕਾਵਾਂਵਾਲੀ ਵਿੱਚ ਜਾਗਰੂਕਤਾ ਸਮਾਗਮ ਹੋਏ। ਇਹਨਾਂ ਸਮਾਗਮਾਂ ਵਿੱਚ ਬੋਲਦਿਆਂ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਜਦੋਂ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਹੋਈ ਹੈ ਪੰਜਾਬ ਵਿੱਚ 14944 ਨਸ਼ਾ ਤਸ਼ਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਵੇਚਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਜਿਹੇ ਲੋਕਾਂ ਨੂੰ ਜ਼ੇਲ੍ਹਾਂ ਵਿੱਚ ਡੱਕਣ ਦੇ ਨਾਲ ਨਾਲ ਉਹਨਾਂ ਦੇ ਘਰ ਵੀ ਢਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਲੋਕ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਲਈ ਅੱਗੇ ਆ ਰਹੇ ਹਨ ਅਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਮਾੜੇ ਅੰਸਰਾਂ ਨੂੰ ਜੇਲਾਂ ਵਿਚ ਭੇਜਿਆ ਜਾ ਰਿਹਾ ਹੈ।
ਵਿਧਾਇਕ ਨੇ ਕਿਹਾ ਕਿ ਨਸ਼ਾ ਵੀ ਇੱਕ ਬਿਮਾਰੀ ਹੈ, ਜਿਸ ਦਾ ਇਲਾਜ ਸੰਭਵ ਹੈ ਅਤੇ ਸਰਕਾਰ ਇਹ ਇਲਾਜ ਮੁਫਤ ਕਰਵਾ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਜੇਕਰ ਕੋਈ ਨਸ਼ੇ ਕਰਦਾ ਹੈ ਤਾਂ ਆਪਣਾ ਇਲਾਜ ਕਰਵਾਏ। ਉਹਨਾਂ ਨੇ ਇਸ ਮੌਕੇ ਨੌਜਵਾਨਾਂ ਨੂੰ ਯੂਥ ਕਲੱਬ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਜਿਹੇ ਯੂਥ ਕਲੱਬਾਂ ਨੂੰ ਖੇਡ ਕਿੱਟਾਂ ਵੀ ਵਿਭਾਗ ਵੱਲੋਂ ਦਿੱਤੀਆਂ ਜਾਣਗੀਆਂ । ਉਹਨਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਅਤੇ ਸਰਕਾਰ ਵੱਲੋਂ 56 ਹਜਾਰ ਸਰਕਾਰੀ ਨੌਕਰੀਆਂ ਦੇ ਕੇ ਨੌਜਵਾਨਾਂ ਨੂੰ ਰੁਜ਼ਗਾਰ ਨਾਲ ਜੋੜਿਆ ਗਿਆ ਹੈ।
ਇਸ ਮੌਕੇ ਖੁਸ਼ਬੂ ਸਾਵਣ ਸੁੱਖਾ ਸਵਨਾ ਨੇ ਕਿਹਾ ਕਿ ਸਾਡੇ ਨੌਜਵਾਨ ਸਾਡੇ ਸਮਾਜ ਦਾ ਸਰਮਾਇਆ ਹਨ। ਉਹਨਾਂ ਨੇ ਕਿਹਾ ਕਿ ਇਹ ਇੱਕ ਸਮਾਜਿਕ ਜਿੰਮੇਵਾਰੀ ਹੈ ਅਤੇ ਆਪਾਂ ਸਾਰਿਆਂ ਨੇ ਆਪਣੇ ਸਮਾਜ ਨੂੰ ਮਿਲ ਕੇ ਨਸ਼ਾ ਮੁਕਤ ਬਣਾਉਣਾ ਹੈ।
ਇਸ ਦੌਰਾਨ ਉਨਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ ਨੂਰ ਸ਼ਾਹ, ਸਿੱਖਿਆ ਕੋਆਰਡੀਨੇਟਰ ਸੁਰਿੰਦਰ ਕੰਬੋਜ, ਨਸ਼ਾ ਮੁਕਤੀ ਯਾਤਰਾ ਕੋਆਰਡੀਨੇਟਰ ਰਾਜੇਸ਼ ਖੁਰਾਣਾ, ਕੁਸੁਮ ਲਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।