‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣ ਕੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ-ਵਿਧਾਇਕ ਰੰਧਾਵਾ
ਲਾਲੜੂ/ਐੱਸ.ਏ.ਐੱਸ ਨਗਰ 02 ਜੂਨ 2025: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਰਜਾਪੁਰ, ਜੋਧਪੁਰ, ਮਾਲਣ, ਅੰਟਾਲਾ, ਸਾਰੰਗਪੁਰ ਅਤੇ ਨਗਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ “ਨਸ਼ਾ ਮੁਕਤੀ ਯਾਤਰਾ” ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ।
ਵਿਧਾਇਕ ਰੰਧਾਵਾ ਨੇ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਪਿੰਡ ਦੇ ਨੌਜਵਾਨ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਿਆ ਜਾ ਸਕੇ। ਉਨ੍ਹਾਂ ਸਮੂਹ ਪਿੰਡਾਂ ਦੇ ਵਾਸੀਆਂ ਅਤੇ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆ ਵਿਰੁੱਧ ਜੰਗ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਇਸ ਮੌਕੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਲੜਾਈ ਵਿਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਅਹਿਦ ਲਿਆ ਗਿਆ।
ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦਾ ਹਿੱਸਾ ਬਣ ਕੇ ਇਸ ਨੂੰ ਲੋਕ ਲਹਿਰ ਬਣਾਇਆ ਜਾਵੇ ਤੇ ਆਪਣੇ ਪਿੰਡ, ਸ਼ਹਿਰ, ਗਲੀ, ਮੁਹੱਲੇ, ਰਿਸ਼ਤੇਦਾਰਾਂ ਤੇ ਹੋਰ ਸੰਪਰਕ ’ਚ ਆਉਣ ਵਾਲੇ ਨਸ਼ਾ ਪੀੜ੍ਹਤ ਵਿਅਕਤੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ’ਚ ਆਪਣਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਨਸ਼ੇ ਵਿਅਕਤੀ ਨੂੰ ਸਰੀਰਕ, ਮਾਨਸਿਕ, ਆਰਥਿਕ ਤੇ ਸਮਾਜਿਕ ਤੌਰ ’ਤੇ ਕਮਜ਼ੋਰ ਬਣਾ ਦਿੰਦੇ ਹਨ। ਸਰਕਾਰੀ ਸਿਹਤ ਕੇਂਦਰਾਂ ’ਚ ਨਸ਼ਾ ਪੀੜ੍ਹਤ ਮਰੀਜ਼ਾਂ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਤੇ ਮਰੀਜ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜ੍ਹਤ ਵਿਅਕਤੀਆਂ ਨਾਲ ਹਮਦਰਦੀ ਵਾਲਾ ਰਵੱਈਆ ਅਪਨਾਉਣ ਦੀ ਲੋੜ ਹੈ।