ਦਿਹਾਤੀ ਮਜ਼ਦੂਰ ਸਭਾ ਵੱਲੋਂ ਨਰਿੰਦਰਦੀਪ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਲੱਗਣ ਵਾਲੇ ਧਰਨੇ ਵਿੱਚ ਸ਼ਾਮਿਲ ਹੋਣ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 2 ਜੂਨ 2025: ਦਿਹਾਤੀ ਮਜ਼ਦੂਰ ਸਭਾ ਦੀ ਬਠਿੰਡਾ ਜਿਲ੍ਹਾ ਵਰਕਿੰਗ ਕਮੇਟੀ ਦੀ ਟੀਚਰਜ਼ ਹੋਮ ਵਿਖੇ ਸਾਥੀ ਗੁਰਮੀਤ ਸਿੰਘ ਜੈ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੂਬਾਈ ਆਗੂ ਸਾਥੀ ਮਹੀਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਗੋਨਿਆਨਾ ਮੰਡੀ ਦੇ ਵਸਨੀਕ ਨਰਿੰਦਰ ਦੀਪ ਸਿੰਘ ਨੂੰ ਅਣਮਨੁੱਖੀ ਤਸੀਹੇ ਦੇ ਕੇ ਕਤਲ ਕਰਨ ਵਾਲੇ ਪੁਲਸ ਕਰਮਚਾਰੀਆਂ ਨੂੰ ਸਜ਼ਾਵਾਂ ਦਿਵਾਉਣ ਲਈ 5 ਜੂਨ ਨੂੰ ਬਠਿੰਡਾ ਵਿਖੇ ਕੀਤੀ ਜਾਣ ਵਾਲੀ ਰੋਸ ਰੈਲੀ ਵਿਚ ਪੂਰੀ ਸ਼ਕਤੀ ਨਾਲ ਸ਼ਾਮਲ ਹੋਵੇਗੀ।
ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਜਿਲ੍ਹਾ ਜਨਰਲ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ ਨੇ ਦੱਸਿਆ ਹੈ ਕਿ ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ 9 ਜੁਲਾਈ, 2025 ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀ ਕਾਮਯਾਬੀ ਲਈ ਪ੍ਰਚਾਰ ਮੁਹਿੰਮ ਚਲਾਉਣ ਸਮੇਤ ਬਹੁ ਮੰਤਵੀ ਸਰਸਰਮੀਆਂ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਆਉਣ ਵਾਲੀ 11 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਜਾ ਰਹੇ ਮਨਰੇਗਾ ਮਜ਼ਦੂਰਾਂ ਦੇ ਵਿਸ਼ਾਲ ਖੇਤਰੀ ਇਕੱਠ ਵਿਚ ਭਾਰੀ ਗਿਣਤੀ ਔਰਤਾਂ ਸਮੇਤ ਸੈਂਕੜੇ ਮਨਰੇਗਾ ਕਿਰਤੀ ਸ਼ਾਮਲ ਕਰਵਾਉਣ ਦੀ ਵੀ ਠੋਸ ਵਿਉਂਤਬੰਦੀ ਉਲੀਕੀ ਗਈ ਹੈ।ਮੀਟਿੰਗ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਹੱਕੀ ਲੋਕ ਘੋਲਾਂ ਨੂੰ ਜਬਰ ਰਾਹੀਂ ਦਬਾਉਣ ਦੀ ਬਜਾਏ ਦਿਨੋ-ਦਿਨ ਨਿੱਘਰਦੀ ਜਾ ਰਹੀ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਵੱਲ ਪਹਿਲ ਦੇ ਆਧਾਰ 'ਤੇ ਧਿਆਨ ਦੇਵੇ ਅਤੇ ਕਤਲਾਂ, ਲੁੱਟਾਂ-ਖੋਹਾਂ, ਅਪਹਰਣ ਤੇ ਫਿਰੌਤੀ ਵਸੂਲੀ, ਮਾਫੀਆ ਲੁੱਟ ਆਦਿ ਵਾਰਦਾਤਾਂ 'ਤੇ ਕਾਬੂ ਪਾਉਣ ਲਈ ਨਿੱਗਰ ਕਦਮ ਪੁੱਟੇ। 'ਆਪ' ਵਲੋਂ ਚੋਣਾਂ ਜਿੱਤਣ ਲਈ ਕੀਤੀਆਂ ਗਾਰੰਟੀਆਂ ਤੇ ਵਾਅਦੇ ਪੂਰੇ ਕਰਨ ਦੀ ਵੀ ਜ਼ੋਰਦਾਰ ਮੰਗ ਕੀਤੀ ਗਈ ਹੈ। ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵੱਡੇ ਨਸ਼ਾ ਤਸਕਰਾਂ, ਇਨ੍ਹਾਂ ਦੀ ਪਿੱਠ ਪੂਰਨ ਵਾਲੇ ਭ੍ਰਿਸ਼ਟ ਸਿਆਸਤਦਾਨਾਂ ਤੇ ਨੌਕਰਸ਼ਾਹਾਂ ਦੇ ਨਾਪਾਕ ਗਠਜੋੜ ਦੇ ਖਾਤਮੇ ਦੇ ਅਸਲ ਮਕਸਦ ਦੀ ਪੂਰਤੀ ਤੋਂ ਹਜ਼ਾਰਾਂ ਕੋਹ ਦੂਰ ਭਟਕਦੀ ਫਿਰ ਰਹੀ ਹੈ।