ਮੁੱਖ ਮੰਤਰੀ ਫ਼ੀਲਡ ਅਫ਼ਸਰ-ਕਮ-ਸਹਾਇਕ ਕਮਿਸ਼ਨਰ (ਜਨਰਲ) ਨੇ ਸੇਵਾ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ
ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵਚਨਬੱਧ -ਰਾਕੇਸ਼ ਪ੍ਰਕਾਸ਼ ਗਰਗ
ਚੈਕਿੰਗ ਦੌਰਾਨ ਪਾਈਆ ਉਣਤਾਈਆਂ ਤੁਰੰਤ ਦੂਰ ਕਰਨ ਦੇ ਦਿੱਤੇ ਨਿਰਦੇਸ, ਦੋ ਕਰਮਚਾਰੀਆਂ ਦੀ ਕੀਤੀ ਬਦਲੀ
ਮਾਲੇਰਕੋਟਲਾ 05 ਜੂਨ 2025 – ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਮੰਤਰੀ ਫ਼ੀਲਡ ਅਫ਼ਸਰ -ਕਮ- ਸਹਾਇਕ ਕਮਿਸ਼ਨਰ (ਜਨਰਲ) ਰਾਕੇਸ਼ ਗਰਗ ਵੱਲੋਂ ਰਾਏਕੋਟ ਰੋਡ ਤੇ ਸਥਿਤ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਇਸ ਦੇ ਨਾਲ ਹੀ ਸੇਵਾ ਕੇਂਦਰ ਵਿਖੇ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਜਾਇਜਾ ਵੀ ਲਿਆ । ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲ ਬਾਤ ਵੀ ਕੀਤੀ। ਉਨ੍ਹਾਂ ਚੈਕਿੰਗ ਦੌਰਾਨ ਪਾਈਆ ਉਣਤਾਈਆਂ ਤੁਰੰਤ ਦੂਰ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ। ਮੌਕੇ ਤੇ ਹੀ ਦੋ ਕਰਮਚਾਰੀਆਂ ਦੇ ਤਬਾਦਲੇ ਕਰਨ ਦੇ ਨਿਰਦੇਸ਼ ਜ਼ਿਲ੍ਹਾ ਮੈਂਨੇਜਰ ਸੇਵਾ ਕੇਂਦਰ ਨੂੰ ਦਿੱਤੇ ।
ਉਨ੍ਹਾਂ ਸੇਵਾ ਕੇਂਦਰਾਂ ਤੇ ਤਾਇਨਾਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸੇਵਾ ਕੇਂਦਰਾਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਨਿਰਧਾਰਿਤ ਸਮੇਂ ਵਿੱਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਆਪਣੀ ਵਾਰੀ ਅਨੁਸਾਰ ਸੇਵਾ ਦੇਣ ਨੂੰ ਯਕੀਨੀ ਬਣਾਇਆ ਜਾਵੇ ।ਅਜਿਹਾ ਨਾ ਕਰਨ ਦੀ ਸੁਰਤ ਵਿੱਚ ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸੇਵਾ ਕੇਂਦਰ ਵਿੱਚ ਸੇਵਾ ਲੈਣ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਕਈ ਸੇਵਾਵਾਂ ਨੂੰ ਫਾਰਮ ਭਰਨ ਤੋਂ ਮੁਕਤ ਕੀਤਾ ਹੈ ਅਤੇ ਆਮ ਨਾਗਿਰਕਾਂ ਨੂੰ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਜਿਵੇਂ ਕਿ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਤੇ ਸੰਪਤੀ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ ਜਾਤੀ ਸਰਟੀਫਿਕੇਟ ਲੈਣ ਲਈ ਫਾਰਮ ਭਰਨ ਦੀ ਜ਼ਰੂਰਤ ਨਹੀਂ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਹ ਸੇਵਾਵਾਂ ਲੈਣ ਲਈ ਨਾਗਰਿਕਾਂ ਵੱਲੋਂ ਫਾਰਮ ਭਰਿਆ ਜਾਂਦਾ ਸੀ ਪ੍ਰੰਤੂ ਹੁਣ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਫਾਰਮ ਭਰਨ ਦੀ ਜਰੂਰਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਨਾਗਰਿਕ ਆਪਣੀ ਸ਼ਨਾਖਤ,ਪਤੇ ਦੇ ਅਸਲ ਪਰੂਫ ਅਤੇ ਸੇਵਾ ਨਾਲ ਸਬੰਧਤ ਦਸਤਾਵੇਜਾਂ ਦੇ ਆਧਾਰ ‘ਤੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਇਹ ਵੀ ਕਿਹਾ ਕਿ ਨਾਗਰਿਕ ਘਰ ਬੈਠੇ ਹੀ 1076 ‘ਤੇ ਕਾਲ ਕਰਕੇ ਸੇਵਾਵਾਂ ਦਾ ਲਾਭ ਵੀ ਲੈ ਸਕਦੇ ਹਨ।