ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 05 ਜੂਨ, 2025: ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਜ਼ਿਲ੍ਹੇ ਭਰ ਵਿੱਚ "ਹਰ ਮਨੁੱਖ ਲਾਵੇ ਇੱਕ ਰੁੱਖ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੁਹਿੰਮ ਦਾ ਮੁੱਖ ਉਦੇਸ਼ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਵਾਤਾਵਰਣ ਦੀ ਰੱਖਿਆ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ।
ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਦੱਸਿਆ ਗਿਆ ਕਿ ਇਸ ਰਾਜ ਪੱਧਰੀ ਮੁਹਿੰਮ ਤਹਿਤ ਸਮੂਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਪੰਜਾਬ ਭਰ ਵਿੱਚ ਕੁੱਲ 5 ਲੱਖ ਪੌਦੇ ਲਗਾਉਣ ਦਾ ਟੀਚਾ ਹੈ। ਇਸ ਮੌਕੇ ਤੇ "ਈਕੋ ਪਲਾਂਟੇਸ਼ਨ ਐਸੋਸੀਏਸ਼ਨ" ਗੈਰ ਸਰਕਾਰੀ ਸੰਸਥਾ ਦੇ ਤਾਲਮੇਲ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਸੈਕਟਰ 69, ਐਸ.ਏ.ਐਸ. ਨਗਰ ਵਿੱਚ ਵਾਤਾਵਰਣ ਅਨੁਕੂਲ ਪੌਦੇ ਲਗਾਏ ਗਏ।
ਇਸ ਮੌਕੇ ਤੇ ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ "ਈਕੋ ਪਲਾਂਟੇਸ਼ਨ ਐਸੋਸੀਏਸ਼ਨ" ਦੇ ਮੈਂਬਰਾਂ ਮਲਕੀਤ ਸਿੰਘ, ਆਰ.ਕੇ. ਸਿੰਘ, ਐਚ.ਐਸ. ਮਠਾਰੂ, ਕੁਲਵੰਤ ਸਿੰਘ, ਐਚ.ਆਰ. ਸ਼ਿਮਰ, ਗੋਪਾਲ ਸਿੰਘ, ਅਮਨਦੀਪ ਸੋਹੀ, ਹਰਜਿੰਦਰ ਬਲ ਅਤੇ ਗੁਰਚਰਨ ਕੌਰ ਵੱਲੋਂ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਗਏ।
ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਵੱਲੋਂ ਸੈਕਟਰ 69, ਐਸ.ਏ.ਐਸ. ਨਗਰ ਵਿਖੇ ਸਥਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੁੱਖ ਦਫ਼ਤਰ ਵਿਖੇ ਵੀ ਪੌਦੇ ਲਗਾਏ ਗਏ ਅਤੇ ਦੂਜਿਆਂ ਨੂੰ ਵੀ ਵਾਤਾਵਰਣ ਸਥਿਰਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਵੱਲੋਂ ਪਲਾਸਟਿਕ ਮੁਕਤ ਉਤਪਾਦਾਂ ਦੀ ਚੋਣ ਕਰਕੇ ਵਾਤਾਵਰਣ ਦੀ ਰੱਖਿਆ ਬਾਰੇ ਜਾਗਰੂਕਤਾ ਵੀ ਫੈਲਾਈ ਗਈ।