ਢੀਂਡਸਾ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ: ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਦਰਵੇਸ਼ ਸਿਆਸਤਦਾਨ ਨੂੰ ਕੀਤਾ ਯਾਦ (ਤਸਵੀਰਾਂ ਅਤੇ ਵੀਡੀਓ ਵੀ ਦੇਖੋ)
* ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
* ਅਮਨ ਅਰੋੜਾ ਵੱਲੋਂ ਪੰਜਾਬ ਸਰਕਾਰ ਅਤੇ ਤਰੁਣ ਚੁੱਗ ਵੱਲੋਂ ਭਾਰਤ ਸਰਕਾਰ ਵੱਲੋਂ ਸ਼ਰਧਾਂਜਲੀ ਭੇਂਟ
* ਹਰੇਕ ਪਾਰਟੀ ਦੇ ਵੱਡੇ ਆਗੂ ਨੇ ਸ਼ਿਰਕਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੂੰ ਪੰਜਾਬ ਤੇ ਪੰਥ ਦਾ ਵੱਡਾ ਹਿਤੈਸ਼ੀ ਦੱਸਿਆ
* ਸੁਖਦੇਵ ਸਿੰਘ ਢੀਂਡਸਾ ਚਿੱਟੀ ਚਾਦਰ ਬੇਦਾਗ਼ ਲੈ ਕੇ ਵਿਦਾ ਹੋਏ, ਇਹ ਸਾਰਿਆਂ ਲਈ ਚਾਨਣ ਮੁਨਾਰਾ
* ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਸਦ ਮੈਂਬਰ ਮੀਤ ਹੇਅਰ ਨੇ ਲਗਵਾਈ ਹਾਜ਼ਰੀ
* ਸੁਖਬੀਰ ਬਾਦਲ, ਪ੍ਰਤਾਪ ਬਾਜਵਾ, ਸੁਨੀਲ ਜਾਖੜ, ਐਡਵੋਕੇਟ ਧਾਮੀ, ਰਾਜੇਵਾਲ, ਤਰਲੋਚਨ ਸਿੰਘ, ਬਰਜਿੰਦਰ ਸਿੰਘ ਹਮਦਰਦ, ਹਰਨਾਮ ਸਿੰਘ ਖਾਲਸਾ, ਇਆਲੀ, ਵਡਾਲਾ ਨੇ ਦਿੱਤੀਆਂ ਸ਼ਰਧਾਂਜਲੀਆਂ
ਸੰਗਰੂਰ, 8 ਜੂਨ 2025 - ਸਾਬਕਾ ਕੇਂਦਰੀ ਮੰਤਰੀ ਮਰਹੂਮ ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਿਮ ਅਰਦਾਸ ਤੇ ਭੋਗ ਸਮਾਗਮ ਇੱਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਇਆ। ਅੱਤ ਦੀ ਗਰਮੀ ਦੇ ਬਾਵਜੂਦ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਦਰਵੇਸ਼ ਸਿਆਸਤਦਾਨ ਨੂੰ ਯਾਦ ਕੀਤਾ। ਹਰੇਕ ਪਾਰਟੀ ਦੇ ਵੱਡੇ ਆਗੂ ਨੇ ਸ਼ਿਰਕਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੂੰ ਪੰਜਾਬ ਤੇ ਪੰਥ ਦਾ ਵੱਡਾ ਹਿਤੈਸ਼ੀ ਦੱਸਿਆ
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/561783813653533
ਇਕੱਠ ਦੌਰਾਨ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਮਰਹੂਮ ਸ. ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਪੁਸ਼ਪ ਅਰਪਿਤ ਕਰਦਿਆਂ ਕਿਹਾ ਗਿਆ ਕਿ ਸ. ਢੀਂਡਸਾ ਵੱਲੋਂ ਕੀਤੀ ਲੋਕ ਸੇਵਾ ਲਈ ਉਹਨਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਹਨਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਸ਼ਰਧਾਂਜਲੀ ਭੇਂਟ ਕੀਤੀ।

ਅਰੋੜਾ ਨੇ ਕਿਹਾ ਕਿ ਮਰਹੂਮ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਹਲੀਮ ਸ਼ਖ਼ਸੀਅਤ ਸਦਕਾ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਤੇ ਪਾਰਟੀ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਸਮਾਜ ਵਿੱਚ ਵਿਚਰਦੇ ਰਹੇ। ਸ਼੍ਰੀ ਅਰੋੜਾ ਨੇ ਕਿਹਾ ਕਿ ਸ.ਸੁਖਦੇਵ ਸਿੰਘ ਢੀਂਡਸਾ ਦੇ ਜੀਵਨ ਪੰਧ ਵਿੱਚੋਂ ਬਹੁਤ ਸਾਰੀਆਂ ਗੱਲਾਂ ਹਰ ਇਕ ਇਨਸਾਨ ਨੂੰ ਸੇਧ ਦੇਣ ਵਾਲੀਆਂ ਹਨ, ਜਿਨ੍ਹਾਂ ਤੋਂ ਸੇਧ ਲੈ ਕੇ ਸਮਾਜ ਸੇਵਾ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1196970248893714
ਇਸ ਮੌਕੇ ਉਹਨਾਂ ਨੇ ਜਿੱਥੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉੱਥੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

ਬੁਲਾਰਿਆਂ ਵਿੱਚ ਪੰਜਾਬ ਆਪ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸਿਆਸੀ ਵਖਰੇਵਿਆਂ ਦੇ ਬਾਵਜੂਦ ਸੁਖਦੇਵ ਸਿੰਘ ਢੀਂਡਸਾ ਦੀ ਸਖਸੀਅਤ ਦੇ ਨਿੱਜੀ ਗੁਣਾਂ, ਨਿੱਘੇ, ਸਾਊ ਤੇ ਮਿਲਣਸਾਰ ਸੁਭਾਅ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਸਾਂਝੇ ਅਤੇ ਪੰਜਾਬ ਤੇ ਪੰਥ ਦੇ ਵੱਡੇ ਆਗੂ ਸਨ। ਉਨ੍ਹਾਂ ਕਿਹਾ ਕਿ ਅਜਿਹੀ ਸ਼ਖ਼ਸੀਅਤ ਤੋਂ ਸਭ ਨੂੰ ਸਿੱਖਣ ਦੀ ਲੋੜ ਹੈ ਜੋ ਸਾਡੇ ਲਈ ਚਾਨਣ ਮੁਨਾਰਾ ਹੈ। ਉਹ ਚਿੱਟੀ ਚਾਦਰ ਬੇਦਾਗ਼ ਲੈ ਕੇ ਗਏ ਹਨ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦਾ ਸ਼ੋਕ ਸੰਦੇਸ਼ ਸਾਂਝਾ ਕੀਤਾ।

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਛੇ ਦਹਾਕਿਆਂ ਦੀ ਪੁਰਾਣੀ ਸਾਂਝ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੀ ਦੇਣ ਨੂੰ ਯਾਦ ਕੀਤਾ। ਉਹਨਾਂ ਆਖ਼ਰੀ ਸਮੇਂ ਕੀਤੀ ਮਿਲਣੀ ਦਾ ਵੀ ਜ਼ਿਕਰ ਕੀਤਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/3020302804806062
ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ, ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਸੁਧਾਰ ਲਹਿਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦਾ ਜਿੰਮਾ ਸਾਂਭ ਰਹੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਪਣੇ ਵਿਚਾਰ ਪ੍ਰਗਟਾਉਂਦਿਆਂ ਸੁਖਦੇਵ ਸਿੰਘ ਢੀਂਡਸਾ ਨੂੰ ਪੰਜਾਬ ਤੇ ਸਿੱਖ ਕੌਮ ਦੀ ਸਿਰਮੌਰ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ ਹੈ। ਉਹ ਸਾਰੀ ਉਮਰ ਅਕਾਲੀ ਰਹੇ ਅਤੇ ਅਸੂਲਾਂ ਨਾਲ ਸਮਝੌਤਾ ਨਹੀਂ ਕੀਤਾ।

ਸਾਬਕਾ ਰਾਜ ਸਭਾ ਮੈਂਬਰ ਤੇ ਸਾਬਕਾ ਚੇਅਰਮੈਨ ਕੌਮੀ ਘੱਟ ਗਿਣਤੀ ਕਮਿਸ਼ਨ ਤਰਲੋਚਨ ਸਿੰਘ ਨੇ ਢੀਂਡਸਾ ਸਾਹਬ ਦੇ ਜੀਵਨ ਦੇ ਨਿਵੇਕਲੇ ਪਹਿਲੂਆਂ ਬਾਰੇ ਚਾਨਣਾ ਪਾਇਆ। ਉਹਨਾਂ ਦੀ ਖੇਡ ਨੂੰ ਬਹੁਤ ਦੇਣ ਹੈ। ਬਤੌਰ ਕੇਂਦਰੀ ਖੇਡ ਮੰਤਰੀ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਵਜੋਂ ਲਾਮਿਸਾਲ ਸੇਵਾਵਾਂ ਨਿਭਾਈਆਂ। ਪਿੰਡ ਦੀ ਸਰਪੰਚੀ ਤੋਂ ਲੈ ਕੇ ਯੂਐਨਓ ਤੱਕ ਬੋਲੇ। ਇੱਕ ਵਾਰ ਅਜ਼ਾਦ ਵਿਧਾਇਕ ਜਿੱਤਣ ਉੱਤੇ ਕਾਂਗਰਸ ਦੀ ਗਿਆਨੀ ਜ਼ੈਲ ਸਿੰਘ ਦੀ ਸਰਕਾਰ ਵਿੱਚ ਮੰਤਰੀ ਬਣਨ ਦੀ ਪੇਸ਼ਕਸ਼ ਦੇ ਬਾਵਜੂਦ ਉਹਨਾਂ ਅਕਾਲੀ ਦਲ ਨਹੀਂ ਛੱਡਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਥ ਵੱਲੋਂ ਸਭ ਦਾ ਧੰਨਵਾਦ ਕੀਤਾ। ਅਜੀਤ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਢੀਂਡਸਾ ਪਰਿਵਾਰ ਨਾਲ ਨਿੱਜੀ ਸਾਂਝ ਦਾ ਜ਼ਿਕਰ ਕਰਦਿਆਂ ਇਸ ਨੂੰ ਨਿੱਜੀ ਘਾਟਾ ਦੱਸਿਆ। ਉਹਨਾਂ ਕਿਹਾ ਕਿ ਪੰਜਾਬ ਨੇ ਸੁੱਗੜ, ਸਿਆਣਾ ਤੇ ਦਰਵੇਸ਼ ਸਿਆਸਤਦਾਨ ਖੋਹ ਲਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1020253593649793
ਅੰਤ ਵਿੱਚ ਸਾਬਕਾ ਕੈਬਨਿਟ ਮੰਤਰੀ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਭਾਵੁਕ ਹੁੰਦਿਆਂ ਆਪਣੇ ਪਿਤਾ ਵੱਲੋਂ ਦਿੱਤੇ ਸੰਸਕਾਰਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਉਹ ਜੋ ਵੀ ਹਨ ਉਹ ਸਭ ਆਪਣੇ ਪਿਤਾ ਬਦਲੌਤ ਹਨ। ਉਨ੍ਹਾਂ ਢੀਂਡਸਾ ਸਾਹਬ ਦੀ ਸੰਤ ਹਰਚੰਦ ਸਿੰਘ ਲੌਂਗੋਵਾਲ ਤੇ ਪ੍ਰਕਾਸ਼ ਸਿੰਘ ਬਾਦਲ ਨਾਲ ਸਾਂਝ ਦੇ ਜ਼ਿਕਰ ਤੋਂ ਢੀਂਡਸਾ ਸਾਹਬ ਨਾਲ ਅੰਤਲੇ ਸਮੇਂ ਤੱਕ ਆਪਣੇ ਸਟਾਫ ਨਾਲ ਸਾਂਝ ਦੀ ਗੱਲ ਕਰਦਿਆਂ ਇਕੱਲੇ ਇਕੱਲੇ ਸਟਾਫ ਦੇ ਮੈਂਬਰ ਦਾ ਨਾਮ ਲਿਆ।

ਮੰਚ ਸੰਚਾਲਨ ਸਾਬਕਾ ਮੰਤਰੀ ਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ।
ਸ਼੍ਰੋਮਣੀ ਕਮੇਟੀ, ਦਮਦਮੀ ਟਕਸਾਲ, ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਸਮੇਤ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਦਸਤਾਰ ਭੇਂਟ ਕੀਤੀ।

ਸਮਾਗਮ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਵੀ ਮਰਹੂਮ ਸ. ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਪੁਸ਼ਪ ਅਰਪਿਤ ਕੀਤੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਸੀਪੀਆਈ ਐਮ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਸੌਂਪੀਆਂ ਦੇ ਆਗੂ ਹਰਦੇਵ ਸਿੰਘ ਅਰਸ਼ੀ ਤੇ ਬੰਤ ਸਿੰਘ ਬਰਾੜ ਵੀ ਹਾਜ਼ਰ ਸਨ।


