Mohali: ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਪੀੜਤ ਨੂੰ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾਵੇ: ਡੀ.ਸੀ
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨੂੰ ਐਕਟ ਦੀਆਂ ਧਾਰਾਵਾਂ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਕਿਹਾ
ਐਸ.ਏ.ਐਸ.ਨਗਰ, 09 ਜੂਨ, 2025: ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਅੱਜ ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ੍ਰੀ ਅਸ਼ੀਸ਼ ਕਥੂਰੀਆ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ-ਕਮ-ਮੈਂਬਰ ਸਕੱਤਰ ਵਲੋਂ ਦੱਸਿਆ ਗਿਆ ਕਿ ਅੱਤਿਆਚਾਰ ਰੋਕਥਾਮ ਐਕਟ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਅਧੀਨ ਇਹ ਮੀਟਿੰਗ ਕੀਤੀ ਜਾ ਰਹੀ ਹੈ। ਇਸ ਐਕਟ ਤਹਿਤ ਤਿਮਾਹੀ ਮੀਟਿੰਗ ਕੀਤੀ ਜਾਂਦੀ ਹੈ। ਇਸ ਕਮੇਟੀ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਪੀੜਤਾਂ ਨੂੰ ਮੁਆਵਜਾ ਦੇਣ ਲਈ 16 ਕੇਸਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸ੍ਰੀ ਅਸ਼ੀਸ਼ ਕਥੂਰੀਆ ਵਲੋਂ ਦੱਸਿਆ ਗਿਆ ਕਿ 02 ਜੂਨ 2025 ਨੂੰ ਇਨ੍ਹਾਂ ਕੇਸਾਂ ਵਿਚੋਂ 6 ਕੇਸਾਂ ਨੂੰ 25 ਲੱਖ 87 ਹਜਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨੂੰ ਕਿਹਾ ਗਿਆ ਕਿ ਬਾਕੀ ਰਹਿੰਦੇ ਕੇਸਾਂ ਚ ਵੀ ਮੁਆਵਜਾ ਦੇਣ ਦੀ ਕਾਰਵਾਈ ਜਲਦ ਤੋਂ ਜਲਦ ਆਰੰਭ ਕੀਤੀ ਜਾਵੇ ਅਤੇ ਬਜਟ ਪ੍ਰਾਪਤ ਕੀਤਾ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਐਸ.ਸੀ./ਐਸ.ਟੀ (ਅੱਤਿਆਚਾਰ ਰੋਕਥਾਮ) ਐਕਟ 1989 ਅਧੀਨ ਬਣਾਏ ਗਏ ਉਪਬੰਧਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਪੀੜਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਦਫ਼ਤਰ, ਡੀ ਏ ਸੀ ਮੋਹਾਲੀ ਤੱਕ ਮੁਆਵਜ਼ੇ ਅਤੇ ਹੋਰ ਮੱਦਦ ਲਈ ਪਹੁੰਚ ਕਰ ਸਕਣ।
ਉਨ੍ਹਾਂ ਨੇ ਐਕਟ ਦੀਆਂ ਇਨ੍ਹਾਂ ਧਾਰਾਵਾਂ ਦੀ ਪਾਲਣਾ ਕਰਨ 'ਤੇ ਜ਼ੋਰ ਦਿੱਤਾ ਕਿ ਜੇਕਰ ਅਜਿਹਾ ਕੋਈ ਮਾਮਲਾ ਥਾਣੇ ਵਿੱਚ ਦਰਜ ਹੁੰਦਾ ਹੈ, ਤਾਂ ਜਾਂਚ ਅਧਿਕਾਰੀ ਡੀ ਐਸ ਪੀ ਪੱਧਰ ਦਾ ਅਧਿਕਾਰੀ ਹੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਐਸ ਸੀ/ਐਸ ਟੀ (ਅੱਤਿਆਚਾਰ ਦੀ ਰੋਕਥਾਮ) ਐਕਟ 1989 ਅਧੀਨ ਐਫ ਆਈ ਆਰ ਦਰਜ ਕੀਤੀ ਜਾਂਦੀ ਹੈ, ਉਸ ਵੇਲੇ ਪੀੜਤ/ਪਰਿਵਾਰਕ ਮੈਂਬਰਾਂ ਨੂੰ ਐਕਟ ਦੇ ਤਹਿਤ ਵੱਖ ਵੱਖ ਪੜਾਵਾਂ 'ਤੇ ਅਪਰਾਧ ਦੀ ਗੰਭੀਰਤਾ ਦੇ ਅਨੁਸਾਰ ਵਿੱਤੀ ਮੁਆਵਜ਼ੇ ਦੀ ਵਿਵਸਥਾ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ (ਜਿਵੇਂ ਕਿ ਕਤਲ ਵਿੱਚ ਕੁੱਲ ਮੁਆਵਜ਼ਾ 8.25 ਲੱਖ ਹੈ) ਅਤੇ ਦੱਸਿਆ ਜਾਵੇ ਕਿ ਕਿਸ ਦਫ਼ਤਰ ਨਾਲ ਸੰਪਰਕ ਕਰਨਾ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਆਸ਼ੀਸ਼ ਕਥੂਰੀਆ ਨੂੰ ਪੁਲਿਸ ਅਤੇ ਜ਼ਿਲ੍ਹਾ ਅਟਾਰਨੀ ਨਾਲ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਕਿਹਾ ਗਿਆ ਤਾਂ ਜੋ ਸਾਰੇ ਪੀੜਤਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ।